ਅਕਾਲੀਆਂ ਨੇ ਬੈਂਸ ਭਰਾਵਾਂ ’ਤੇ ਕਾਂਗਰਸ ਨੂੰ ਘੇਰਿਆ
ਗੁਰਿੰਦਰ ਸਿੰਘ
ਲੁਧਿਆਣਾ, 15 ਮਈ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਥੇ ਪ੍ਰੈੱਸ ਕਾਨਫਰੰਸ ਕਰ ਕੇ ਬੈਂਸ ਭਰਾਵਾਂ ਦੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸ੍ਰੀ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਬੈਂਸ ਭਰਾਵਾਂ ਦੀ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਦਿੱਤੇ ਪੰਜ ਨਿਆਂ ’ਚੋਂ ਨਾਰੀ ਨਿਆਂ ਅਤੇ ਵਪਾਰੀ ਨਿਆਂ ਦੇ ਦੋ ਨਾਅਰੇ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀਆਂ ਇਨਸਾਫ਼ ਪਸੰਦ ਔਰਤਾਂ ਨੂੰ ਰਾਜਾ ਵੜਿੰਗ ਦਾ ਬਾਈਕਾਟ ਕਰਨਾ ਚਾਹੀਦਾ ਹੈ ਕਿਉਂਕਿ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਿਮਰਜੀਤ ਸਿੰਘ ਬੈਂਸ ਵੱਲੋਂ ਰਾਜਾ ਵੜਿੰਗ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਲਾਈ ਮਸ਼ੀਨ ਕਾਰੋਬਾਰ ਸਬੰਧੀ ਵੀ ਬੈਂਸ ਭਰਾਵਾਂ ਵੱਲੋਂ ਆਪਣੀ ਮਨੋਪਲੀ ਕਾਇਮ ਕਰਨ ਲਈ ਛੋਟੇ ਸਿਲਾਈ ਮਸ਼ੀਨ ਕਾਰਖਾਨੇਦਾਰਾਂ ਨੂੰ ਖ਼ਤਮ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਨਿਰਦੋਸ਼ ਸਿੱਖਾਂ ਦੀ ਕਾਤਲ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਹੱਥੋਂ ਬਲਵਿੰਦਰ ਸਿੰਘ ਬੈਂਸ ਨੇ ਸਿਰੋਪਾਓ ਲੈ ਕੇ ਸਿੱਖ ਮਰਿਆਦਾ ਅਤੇ ਸਿੱਖ ਪਰੰਪਰਾ ਦਾ ਘਾਣ ਕੀਤਾ ਹੈ। ਇਸ ਲਈ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿਣ ਦਾ ਕੋਈ ਹੱਕ ਨਹੀਂ। ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਕਿਹਾ ਕਿ ਬੈਂਸ ਭਰਾਵਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਕਲੀਨ ਚਿੱਟ ਦੇ ਕੇ ਪੀੜਤ ਪਰਿਵਾਰਾਂ ਦੇ ਜ਼ਖਮਾਂ ਉਪਰ ਨਮਕ ਛਿੜਕਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਜ਼ਾਦ ਅਤੇ ਨਿਰਪੱਖ ਕਰਾਉਣ ਲਈ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਪਾਰਟੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਐਡਵੋਕੇਟ ਹਰੀਸ਼ ਰਾਏ ਢਾਂਡਾ, ਗੁਰਚਰਨ ਸਿੰਘ ਗਰੇਵਾਲ, ਜਗਬੀਰ ਸਿੰਘ ਸੋਖੀ ਅਤੇ ਸੁਰਜੀਤ ਸਿੰਘ ਦੁੱਗਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਵੱਡੇ ਵੱਡੇ ਇਸ਼ਤਿਹਾਰ ਅਤੇ ਫਲੈਕਸ ਲਗਾਏ ਗਏ ਹਨ।
ਅਕਾਲੀ ਉਮੀਦਵਾਰ ਵੱਲੋਂ ਮੁੱਖ ਚੋਣ ਦਫ਼ਤਰ ਦਾ ਉਦਘਾਟਨ
ਲੋਕ ਸਭਾ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਵੱਲੋਂ ਅੱਜ ਮਲਹਾਰ ਰੋਡ, ਸਰਾਭਾ ਨਗਰ ਵਿੱਚ ਆਪਣਾ ਮੁੱਖ ਚੋਣ ਦਫ਼ਤਰ ਖੋਲ੍ਹਿਆ ਗਿਆ, ਜਿਸਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰ ਕੇ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਸ਼ ਸਿੰਘ ਗਰਚਾ, ਹਰੀਸ਼ ਰਾਏ ਢਾਂਡਾ, ਬੀਬੀ ਸੁਰਿੰਦਰ ਕੌਰ ਦਿਆਲ, ਜਗਬੀਰ ਸਿੰਘ ਸੋਖੀ, ਹਰਚਰਨ ਸਿੰਘ ਗੋਹਲਵੜੀਆ, ਹਰਜਿੰਦਰ ਸਿੰਘ ਬੋਬੀ ਗਰਚਾ, ਆਰਡੀ ਸ਼ਰਮਾ, ਭੁਪਿੰਦਰ ਸਿੰਘ ਭਿੰਦਾ ਆਦਿ ਨੇ ਸੰਬੋਧਨ ਕਰਦਿਆਂ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।