ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਨਾ ਬਣਵਾ ਸਕਣ ਦਾ ਦੁੱਖ ਰਹੇਗਾ: ਚੰਦੂਮਾਜਰਾ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 6 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇਂ ਕਿਹਾ ਕਿ ਸੰਸਦ ਮੈਂਬਰ ਦੇ ਤੌਰ ’ਤੇ ਬੇਸ਼ੱਕ ਉਨ੍ਹਾਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦੇ ਵੱਡੇ ਕੰਮ ਕਰਵਾਏ ਪਰ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕੇ ਉਹ ਆਪਣੇ ਕਾਰਜਕਾਲ ਦੌਰਾਨ ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦੀ ਉਸਾਰੀ ਨਹੀਂ ਕਰਵਾ ਸਕੇ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਚੰਦੂਮਾਜਰਾ ਅੱਜ ਆਨੰਦਪੁਰ ਸਾਹਿਬ ਵਿਖੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਵਿਆਹ ਪੁਰਬ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ, ਪੰਜਾਬ ਬਚਾਓ ਯਾਤਰਾ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਭਰਵੀਂ ਸ਼ਮੂਲੀਅਤ ਲਈ ਡਿਊਟੀਆਂ ਲਗਾਈਆਂ ਗਈਆਂ ਹਨ।
ਪ੍ਰੋ. ਚੰਦੂਮਾਜਰਾ ਨੇ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਪੇਂਡੂ ਖੇਤਰਾਂ ’ਚ ਬਿਜਲੀ ਦੇ ਕੱਟ ਲੱਗ ਰਹੇ ਹਨ ਇਸ ਸਭ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਹਰ ਫਰੰਟ ’ਤੇ ਫੇਲ੍ਹ ਹੈ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਠੇਕੇਦਾਰ ਗੁਰਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਇੰਦਰਜੀਤ ਸਿੰਘ ਬੇਦੀ, ਜਥੇਦਾਰ ਮੋਹਨ ਸਿੰਘ ਢਾਹੇ, ਸੁਰਿੰਦਰ ਸਿੰਘ ਮਟੋਰ ਤੇ ਜਥੇਦਾਰ ਰਾਮ ਸਿੰਘ ਮੌਜੂਦ ਸਨ।