ਅਧਿਆਪਕਾਂ ਵੱਲੋਂ ਵਿਭਾਗ ਦੇ ਦਫ਼ਤਰ ਅੱਗੇ ਮਹਾਂ ਰੈਲੀ ਕਰਨ ਦਾ ਐਲਾਨ
ਪੱਤਰ ਪ੍ਰੇਰਕ
ਮਾਨਸਾ, 3 ਸਤੰਬਰ
ਪੰਜਾਬ ਦੇ ਸਿੱਖਿਆ ਵਿਭਾਗ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਈਜੀਐੱਸ/ ਆਈਈਵੀ/ ਏਆਈਈ/ਐੱਸਟੀਆਰ/ਸਿੱਖਿਆ ਪ੍ਰੋਵਾਈਡਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਮਾਨਸਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ) ਮਦਨ ਲਾਲ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਅਧਿਆਪਕਾਂ ਦੀ ਬਹਾਲੀ ਨੂੰ ਅੰਤਿਮ ਰੂਪ ਦੇ ਕੇ ਸਕੂਲਾਂ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।
ਜਥੇਬੰਦੀ ਦੇ ਜ਼ਿਲ੍ਹਾ ਆਗੂ ਮਨਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰਨ ਉਪਰੰਤ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬਹਾਲੀ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ’ਚ ਡੀਪੀਈ (ਪ੍ਰਾਇਮਰੀ) ਵੱਲੋਂ ਬਹਾਲੀ ਪ੍ਰਕਿਰਿਆ ਪੂਰੀ ਕਰਕੇ ਅੰਤਿਮ ਰਿਪੋਰਟ ਪੇਸ਼ ਕਰਕੇ ਅਧਿਆਪਕਾਂ ਦੀ ਬਹਾਲੀ ਕਰਕੇ ਜਲਦੀ ਸਕੂਲਾਂ ’ਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਭਾਰਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 5 ਸਤੰਬਰ ਨੂੰ ਮੁਹਾਲੀ ਵਿੱਚ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮੌਕੇ ਵਜ਼ੀਰ ਸਿੰਘ, ਜਰਨੈਲ ਸਿੰਘ, ਕਰਮਜੀਤ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਮਨਧੀਰ ਕੌਰ, ਵੀਰਪਾਲ ਕੌਰ, ਕਾਂਤਾ ਰਾਣੀ ਤੇ ਰਮਨਦੀਪ ਕੌਰ ਮੌਜੂਦ ਸਨ।