For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਛੇੜਨ ਦਾ ਐਲਾਨ

06:40 AM Feb 23, 2024 IST
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਛੇੜਨ ਦਾ ਐਲਾਨ
ਸ਼ੰਭੂ ਬਾਰਡਰ ’ਤੇ ਵੀਰਵਾਰ ਨੂੰ ਕਿਸਾਨਾਂ ਦਾ ਭਾਰੀ ਇਕੱਠ। -ਫੋਟੋ: ਏਐੱਨਆਈ
Advertisement

ਸ਼ੰਭੂ ਬਾਰਡਰ ’ਤੇ ਵੀਰਵਾਰ ਨੂੰ ਕਿਸਾਨਾਂ ਦਾ ਭਾਰੀ ਇਕੱਠ। -ਫੋਟੋ: ਏਐੱਨਆਈ* ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ
* 26 ਫਰਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ
* ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ 14 ਮਾਰਚ ਨੂੰ

Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 22 ਫਰਵਰੀ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਅੱਜ ਇੱਥੇ ਸਮੁੱਚੀਆਂ ਕਿਸਾਨ ਯੂਨੀਅਨਾਂ ਨੂੰ ਇਕਜੁੱਟ ਕਰਨ ਦਾ ਫੈਸਲਾ ਲੈਂਦਿਆਂ ਕੌਮੀ ਪੱਧਰ ’ਤੇ ਵਿਸ਼ਾਲ ਅੰਦੋਲਨ ਛੇੜਨ ਦਾ ਐਲਾਨ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੋਰਚੇ ਦਾ ਇਹ ਐਲਾਨ ਭਾਰਤ ਸਰਕਾਰ ਲਈ ਸਿਰਦਰਦੀ ਬਣ ਸਕਦਾ ਹੈ। ‘ਦਿੱਲੀ ਅੰਦੋਲਨ’ ਲੜ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਫਿਲਹਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਮੋਰਚੇ ਨੇ ਪੰਜਾਬ ਦੀਆਂ ਹੱਦਾਂ ’ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ’ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਚੇਤੇ ਰਹੇ ਕਿ ਦਿੱਲੀ ਅੰਦੋਲਨ ਦੀ ਸਮਾਪਤੀ ਮਗਰੋਂ ਕਿਸਾਨ ਯੂਨੀਅਨਾਂ ਵਿਚ ਵੱਡੀ ਦਰਾੜ ਪੈ ਗਈ ਸੀ ਅਤੇ ਕਿਸਾਨ ਜਥੇਬੰਦੀਆਂ ਅਲੱਗ-ਅਲੱਗ ਧਿਰਾਂ ਵਿਚ ਵੰਡੀਆਂ ਗਈਆਂ ਸਨ। ਮੋਰਚੇ ਨੇ ਹੁਣ ਮਹਿਸੂਸ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਧਿਰਾਂ ’ਚ ਫੁੱਟ ਪਾਉਣ ਲਈ ਸਾਜ਼ਿਸ਼ਾਂ ਘੜੀਆਂ ਤਾਂ ਜੋ ਕਿਸਾਨੀ ਸੰਘਰਸ਼ ਨੂੰ ਵੰਡ ਕੇ ਲੀਹ ਤੋਂ ਲਾਹਿਆ ਜਾ ਸਕੇ।

Advertisement

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਰਵੀ ਕੁਮਾਰ

ਐੱਸਕੇਐੱਮ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਇਕਜੁੱਟ ਕਰਨ ਲਈ ਛੇ ਮੈਂਬਰੀ ਤਾਲਮੇਲ ਕਮੇਟੀ ਬਣਾਈ ਹੈ, ਜੋ ਐੱਸਕੇਐੱਮ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਖ ਵੱਖ ਧੜਿਆਂ ਨਾਲ ਗੱਲਬਾਤ ਕਰੇਗੀ। ਛੇ ਮੈਂਬਰੀ ਕਮੇਟੀ ਵਿਚ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਯੁੱਧਵੀਰ ਸਿੰਘ, ਹਨਨ ਮੌਲਾ ਅਤੇ ਰਮਿੰਦਰ ਪਟਿਆਲਾ ਸ਼ਾਮਲ ਹਨ। ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਰਾਹੀਂ ਏਕਤਾ ਦੀ ਗੱਲਬਾਤ ਵੀ ਸ਼ੁਰੂ ਕੀਤੇ ਜਾਣ ਦਾ ਪਤਾ ਲੱਗਾ ਹੈ। ਐੱਸਕੇਐੱਮ ਨੇ ਸਪੱਸ਼ਟ ਕੀਤਾ ਕਿ ਉਹ ਸਾਰੇ ਘੱਟੋ-ਘੱਟ ਸਾਂਝੇ ਪ੍ਰੋਗਰਾਮ ਲਈ ਇਕਜੁੱਟ ਹਨ ਪਰ ਜੇਕਰ ਉਨ੍ਹਾਂ ’ਚੋਂ ਕੋਈ ਧਿਰ ਮੌਜੂਦਾ ਚੱਲ ਰਹੇ ਅੰਦੋਲਨ ’ਚ ਹਿੱਸਾ ਲੈਣ ਦੀ ਇੱਛੁਕ ਹੈ ਤਾਂ ਉਹ ਅਜਿਹਾ ਕਰਨ ਲਈ ਆਜ਼ਾਦ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਇਥੇ ਕਿਸਾਨ ਭਵਨ ’ਚ ਪੰਜਾਬ, ਹਰਿਆਣਾ, ਦਿੱਲੀ, ਉਤਰਾਖੰਡ, ਝਾਰਖੰਡ, ਹਰਿਆਣਾ, ਕੇਰਲਾ, ਆਂਧਰਾ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਸੌ ਤੋਂ ਵੱਧ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ’ਚ ਨਵੇਂ ਫੈਸਲੇ ਲਏ ਗਏ ਹਨ। ਮੀਟਿੰਗ ਮਗਰੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਰਾਕੇਸ਼ ਟਿਕੈਤ ਅਤੇ ਰਮਿੰਦਰ ਸਿੰਘ ਪਟਿਆਲਾ ਸਮੇਤ ਹੋਰਨਾਂ ਆਗੂਆਂ ਨੇ ਕੌਮੀ ਪੱਧਰ ਦੇ ਸੰਘਰਸ਼ ਦਾ ਐਲਾਨ ਕੀਤਾ। ਆਗੂਆਂ ਨੇ ਦੱਸਿਆ ਕਿ ਐੱਸਕੇਐੱਮ ਵੱਲੋਂ 23 ਫਰਵਰੀ ਨੂੰ ਕੌਮੀ ਪੱਧਰ ’ਤੇ ‘ਕਾਲਾ ਦਿਵਸ’ ਮਨਾਇਆ ਜਾਵੇਗਾ ਜਿਸ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਕੇਂਦਰੀ ਟਰੇਡ ਯੂਨੀਅਨਾਂ ਨੂੰ ਪਹਿਲਾਂ ਹੀ ਸੱਦਾ ਦਿੱਤਾ ਜਾ ਚੁੱਕਾ ਹੈ। 26 ਫਰਵਰੀ ਨੂੰ ਕੌਮੀ ਅਤੇ ਸੂਬਾਈ ਸੜਕ ਮਾਰਗਾਂ ’ਤੇ ਟਰੈਕਟਰ ਮਾਰਚ ਕੀਤਾ ਜਾਵੇਗਾ ਜਿਸ ਦਾ ਮਕਸਦ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਭਾਰਤ ’ਤੇ ਦਬਾਅ ਬਣਾਉਣਾ ਹੈ।
ਆਗੂਆਂ ਨੇ ਕਿਹਾ ਕਿ ਸੜਕਾਂ ’ਤੇ ਇੱਕ ਪਾਸੇ ਟਰੈਕਟਰ ਖੜ੍ਹੇ ਕੀਤੇ ਜਾਣਗੇ ਅਤੇ ਟਰੈਫਿਕ ਨਹੀਂ ਰੋਕੀ ਜਾਵੇਗੀ। ਇਸੇ ਕੜੀ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਵਿਸ਼ਾਲ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾਵੇਗੀ ਜਿਸ ਵਿਚ ਸ਼ਮੂਲੀਅਤ ਲਈ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਸਮੇਤ ਸਾਰੇ ਵਰਗਾਂ ਨੂੰ ਅਪੀਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਰਾਜ ਭਵਨਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਵਾਸਤੇ ਕਿਹਾ ਗਿਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਸੰਘਰਸ਼ ਦਾ ਇਕੋ-ਇਕ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ।

ਖਨੌਰੀ ਹਿੰਸਾ ਦੀ ਨਿਆਂਇਕ ਜਾਂਚ ਮੰਗੀ

ਸੰਯੁਕਤ ਕਿਸਾਨ ਮੋਰਚੇ ਨੇ ਖਨੌਰੀ ਬਾਰਡਰ ’ਤੇ ਵਾਪਰੀ ਘਟਨਾ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਸ਼ਹੀਦ ਕਿਸਾਨ ਸ਼ੁਭਕਰਨ ਦੇ ਪਰਿਵਾਰ ਲਈ ਦੋ ਕਰੋੜ ਰੁਪਏ ਦੇ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਐੱਸਕੇਐੱਮ ਨੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਤੋਂ ਅਸਤੀਫੇ ਦੀ ਮੰਗ ਵੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲੀਸ ਨੇ ਪੰਜਾਬ ਦੀ ਹਦੂਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਗੋਲੀਬਾਰੀ ਕੀਤੀ ਹੈ।

Advertisement
Author Image

joginder kumar

View all posts

Advertisement