ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਸੜਕਾਂ ਜਾਮ ਕਰਨ ਦਾ ਐਲਾਨ
ਗੁਰਿੰਦਰ ਸਿੰਘ
ਲੁਧਿਆਣਾ, 23 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਦਾ ਮਸਲਾ ਹੱਲ ਕਰਨ ਲਈ ਦੋ ਦਿਨ ਦੇ ਮਿਲੇ ਭਰੋਸੇ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਤਹਿਤ 25 ਅਕਤੂਬਰ ਨੂੰ ਸੂਬੇ ਭਰ ਵਿੱਚ ਮੰਡੀਆਂ ਨੇੜੇ ਪ੍ਰਮੁੱਖ ਸੜਕੀ ਮਾਰਗਾਂ ’ਤੇ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਅਤੇ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਵੇਰੇ 11 ਤੋਂ ਬਾਅ ਦੁਪਹਿਰ 3 ਵਜੇ ਤੱਕ ਮੁਕੰਮਲ ਘਿਰਾਓ ਕੀਤੇ ਜਾਣਗੇ।
ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ ਅਤੇ ਬੋਘ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮੰਡੀਆਂ ਵਿੱਚ ਆਉਣ ’ਤੇ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਕਾਲੇ ਝੰਡੇ ਦਿਖਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦੇ ਮਸਲੇ ਜਿਉਂ ਦੇ ਤਿਉਂ ਬਰਕਰਾਰ ਹਨ। ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਮੀਟਿੰਗ ਦੌਰਾਨ ਕਿਸਾਨਾਂ ਦੇ ਮੰਡੀਆਂ ਵਿੱਚ ਰੁਲਣ ਲਈ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਕਟਹਿਰੇ ਵਿੱੱਚ ਖੜ੍ਹਾ ਕਰਦਿਆਂ ਉਸ ’ਤੇ ਪੰਜਾਬ ਨਾਲ ਮਤਰੇਇਆ ਸਲੂਕ ਕਰਨ ਦਾ ਦੋਸ਼ ਲਾਇਆ।ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਿੰਦਰ ਸਿੰਘ ਗੋਲੇਵਾਲਾ, ਫੁਰਮਾਨ ਸਿੰਘ ਸੰਧੂ, ਰਘਵੀਰ ਸਿੰਘ ਬੈਨੀਪਾਲ ਤੇ ਹੋਰ ਹਾਜ਼ਰ ਸਨ।
ਜ਼ਿਮਨੀ ਚੋਣਾਂ ਦੌਰਾਨ ਭਾਜਪਾ ਤੇ ‘ਆਪ’ ਦਾ ਕੀਤਾ ਜਾਵੇਗਾ ਵਿਰੋਧ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਸ ਤੋਂ ਬਾਅਦ ਵੀ ਜੇ ਮਸਲਾ ਹੱਲ ਨਾ ਹੋਇਆ ਤਾਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੀਏਪੀ ਦਾ ਤੁਰੰਤ ਪ੍ਰਬੰਧ ਕਰੇ ਅਤੇ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਵੇ। ਮੋਰਚੇ ਨੇ ਪੰਜਾਬ ਸਰਕਾਰ ਤੋਂ ਬਾਸਮਤੀ ਦਾ ਐੱਮਐੱਸਪੀ ਦੇ ਕੇ ਕਾਸ਼ਤਕਾਰਾਂ ਨੂੰ ਰਾਹਤ ਦੇਣ ਦੀ ਵੀ ਮੰਗ ਕੀਤੀ।