ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਕੀਰਤਨ ਦਰਬਾਰ ਨਾਲ ਸਮਾਪਤ
ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਫਰਵਰੀ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਨੂੰ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠਾਂ ਹੋਏ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ’ਚ ਭਾਈ ਕੁਲਦੀਪ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਭਾਈ ਗੁਰਦੇਵ ਸਿੰਘ ਤੋਂ ਇਲਾਵਾ ਭਾਈ ਅਲੰਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਾਲਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਪ੍ਰਵਾਹ ਗਿਆਨੀ ਪ੍ਰਿਤਪਾਲ ਸਿੰਘ ਨੇ ਕੀਤਾ ਜਦਕਿ ਹਜੂਰੀ ਰਾਗੀ ਭਾਈ ਹਰਕੀਰਤ ਸਿੰਘ ਨੇ ਵੀ ਕੀਰਤਨ ਕੀਤਾ।
ਇਸ ਮੌਕੇ ’ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਫਲਾਇੰਗ ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੋਡੇ ਤੇ ਹੋਰਾਂ ਦਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਅਤੇ ਹੋਰਾਂ ਵੱਲੋਂ ਸਨਮਾਨ ਵੀ ਕੀਤਾ ਗਿਆ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ, ਲੰਗਰ ਸੁਸਾਇਟੀਆਂ, ਖੂਨਦਾਨ ਕੈਂਪ ਲਗਾਉਣ ਵਾਲੀਆਂ ਸੁਸਾਇਟੀਆਂ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਲਈ ਅਤੁੱਟ ਲੰਗਰ ਚਲਾਏ। ਇਸ ਮੌਕੇ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ ਤੇ ਅਕਾਊਟੈਂਟ ਗੁਰਮੀਤ ਸਿੰਘ ਸਮੇਤ ਭਾਈ ਤਰਸਵੀਰ ਸਿੰਘ ਲਾਡਬੰਜਾਰਾ ਆਦਿ ਮੌਜੂਦ ਸਨ।
ਬਡੂੰਗਰ ਵੱਲੋਂ ਪ੍ਰਸ਼ਾਸਨ ਦਾ ਧੰਨਵਾਦ
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਪੁਲੀਸ ਵੱਲੋਂ ਨਿਭਾਈ ਗਈ ਸੁਚੱਜੀ ਡਿਊਟੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖੀ। ਇਸ ਦੌਰਾਨ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਮੁਖੀਆਂ ਵਜੋਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ, ਡੀਆਈਜੀ ਮਨਦੀਪ ਸਿੰਘ ਸਿੱਧੂ ਤੇ ਐੱਸਐੱਸਪੀ ਨਾਨਕ ਸਿੰਘ ਸਮੇਤ ਡੀਐੱਸਪੀ ਟਰੈਫਿਕ ਅਤੇ ਟਰੈਫਿਕ ਇੰਚਾਰਜ ਦਾ ਧੰਨਵਾਦ ਕੀਤਾ ਗਿਆ ਹੈ।