ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਤਾਕ ’ਚ: ਧਾਮੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ ਨੂੰ ਹੋਣ ਵਾਲੀ ਸਾਲਾਨਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਦੋਸ਼ ਲਾਇਆ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ ਕਾਬਜ਼ ਹੋਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਦਾ ਸਿੱਧਾ ਮੁਕਾਬਲਾ ਬੀਬੀ ਜਗੀਰ ਕੌਰ ਨਾਲ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਅਹੁਦੇਦਾਰਾਂ ਦੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੈਸੇ ਦੇ ਜ਼ੋਰ ਨਾਲ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ, ਕਾਂਗਰਸ, ‘ਆਪ’, ਆਰਐੱਸਐੱਸ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਧੀ ਦਖ਼ਲਅੰਦਾਜ਼ੀ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਕਾਲੀ ਦਲ ਉਮੀਦਵਾਰ ਖਿਲਾਫ਼ ਭੁਗਤਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਹੋਰ ਸੂਬਿਆਂ ਵਾਂਗ ਹੁਣ ਪੰਜਾਬ ਅੰਦਰਲੇ ਤਖ਼ਤ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।