ਅਕਾਲੀ-ਭਾਜਪਾ ਦੇ ਸੰਭਾਵੀ ਗੱਠਜੋੜ ਲਈ ਮੁਸ਼ਕਲਾਂ ਵਧਾ ਸਕਦੀ ਹੈ ਡੇਰਾ ਪ੍ਰੇਮੀ ਦੀ ਗ੍ਰਿਫ਼ਤਾਰੀ
ਜਸਵੰਤ ਜੱਸ
ਫਰੀਦਕੋਟ, 13 ਫਰਵਰੀ
ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਦੋ ਦਿਨ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਸਬੰਧੀ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਦੀ ਕੀਤੀ ਗਈ ਗ੍ਰਿਫ਼ਤਾਰੀ ਨੇ ਅਕਾਲੀ ਦਲ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਕਲੇਰ ਪਿਛਲੇ ਲੰਬੇ ਸਮੇਂ ਤੋਂ ਅਯੁੱਧਿਆ ਵਿੱਚ ਹੀ ਰਹਿ ਰਿਹਾ ਸੀ ਅਤੇ ਉਸ ਦੇ ਭਾਜਪਾ ਦੇ ਕੌਮੀ ਆਗੂਆਂ ਨਾਲ ਨੇੜਲੇ ਸਬੰਧ ਹਨ। ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਕ ਕੇਂਦਰੀ ਮੰਤਰੀ ਨੇ ਪ੍ਰਦੀਪ ਕਲੇਰ ਨੂੰ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਜਾਂਚ ਟੀਮ ਦੀ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਬੇਅਦਬੀ ਕਾਂਡ ਵਾਪਰਨ ਵਾਲੇ ਦਿਨਾਂ ਵਿੱਚ ਅਯੁੱਧਿਆ ਇਲਾਕੇ ਵਿੱਚੋਂ ਕੁਝ ਫੋਨ ਕਾਲਾਂ ਫ਼ਰੀਦਕੋਟ ਇਲਾਕੇ ਵਿੱਚ ਆਈਆਂ ਸਨ। ਇਸ ਸਬੰਧੀ ਜਾਂਚ ਟੀਮ ਨੇ ਪਿੰਡ ਨਿਆਮੀਵਾਲਾ ਦੇ ਨੌਜਵਾਨ ਕੋਲੋਂ ਲੰਬੀ ਪੁੱਛ-ਪੜਤਾਲ ਵੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਬਿਆਨ ਵਿੱਚ ਮੰਨ ਚੁੱਕੇ ਹਨ ਕਿ ਉਹ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਜਿਸ ਕਰ ਕੇ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕੇ। ਹੁਣ ਜਦੋਂ ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ ਤਾਂ ਇਸੇ ਦਰਮਿਆਨ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਹੋ ਗਈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਨੇ ਅਕਾਲੀ ਦਲ ਦੀ ਸਿਰਦਰਦੀ ਵਧਾ ਦਿੱਤੀ ਹੈ।
ਇਸੇ ਦਰਮਿਆਨ ਵਿਸ਼ੇਸ਼ ਚਾਂਸ ਟੀਮ ਦੇ ਮੁਖੀ ਏਡੀਜੀਪੀ ਐੱਸਪੀਐੱਸ ਪਰਮਾਰ, ਸੀਆਈਏ ਸਟਾਫ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਸੀਆਈਏ ਸਟਾਫ ਵਿੱਚ ਪ੍ਰਦੀਪ ਕਲੇਰ ਤੋਂ ਬੇਅਦਬੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ। ਸੂਤਰਾਂ ਅਨੁਸਾਰ ਪ੍ਰਦੀਪ ਕਲੇਰ ਨੇ ਮਹਿੰਦਰਪਾਲ ਬਿੱਟੂ ਨੂੰ ਡੇਰਾ ਮੁਖੀ ਰਾਮ ਰਹੀਮ ਨਾਲ ਮਿਲਵਾਇਆ ਸੀ ਅਤੇ ਡੇਰੇ ਵਿੱਚ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਰਚੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਨੂੰ ਵੱਡੀ ਪ੍ਰਾਪਤੀ ਦੱਸਦਿਆਂ ਗ੍ਰਿਫ਼ਤਾਰੀ ਲਈ ਛਾਪੇ ਮਾਰਨ ਵਾਲੀ ਟੀਮ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।