ਦਾਣਾ ਮੰਡੀ ਕਰਤਾਰਪੁਰ ਵਿੱਚ ਝੋਨੇ ਦੀ ਆਮਦ ਸ਼ੁਰੂ
ਪੱਤਰ ਪ੍ਰੇਰਕ
ਕਰਤਾਰਪੁਰ 26 ਸਤੰਬਰ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਰਤਾਰਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀ ਵਿੱਚ ਲਿਆਂਦੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਮੌਸਮ ਵਿੱਚ ਹੋ ਰਹੇ ਬਦਲਾਅ ਕਾਰਨ ਦਾਣਾ ਮੰਡੀ ਵਿੱਚ ਲਿਆਂਦੇ ਝੋਨੇ ਨੂੰ ਇੱਥੇ ਬਣੇ ਸ਼ੈੱਡਾਂ ਹੇਠਾਂ ਤ੍ਰਿਪਾਲਾਂ ਪਾ ਕੇ ਧੱਕ ਕੇ ਰੱਖਿਆ ਦਾ ਰਿਹਾ ਹੈ। ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੇ ਝੋਨੇ ਵਿੱਚ ਨਮੀ ਵੱਧ ਹੋਣ ਕਾਰਨ ਸੁਕਾਇਆ ਜਾ ਰਿਹਾ ਹੈ।
ਦਾਣਾ ਮੰਡੀ ਵਿੱਚ ਬੈਠੇ ਨੇੜਲੇ ਪਿੰਡ ਘੁੱਗ ਸ਼ੋਰ ਦੇ ਕਿਸਾਨ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੋ ਦਿਨ ਪਹਿਲਾਂ ਮੰਡੀ ਵਿੱਚ ਝੋਨਾ ਲਿਆਂਦਾ ਸੀ ਅਤੇ ਖਰੀਦ ਨਾ ਹੋਣ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਮੁਕੇਸ਼ ਕੈਲੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਇੱਕ ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਸਰਕਾਰੀ ਖਰੀਦ ਸ਼ੁਰੂ ਕਰਨ ਲਈ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਝੋਨਾ ਨਾ ਲਿਆਉਣ ਦੀ ਅਪੀਲ ਕੀਤੀ ਹੈ।