For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 20.7 ਫ਼ੀਸਦੀ ਵੱਧ

11:19 AM Nov 16, 2023 IST
ਮੁਹਾਲੀ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 20 7 ਫ਼ੀਸਦੀ ਵੱਧ
ਝੋਨਾ ਝਾੜਨ ਸਮੇਂ ਮੌਕੇ ’ਤੇ ਜਾਇਜ਼ਾ ਲੈਂਦੇ ਹੋਏ ਖੇਤੀਬਾੜੀ ਅਫ਼ਸਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਨਵੰਬਰ
ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਸਾਲ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫ਼ਸਲ ਝੋਨੇ ਦਾ ਵਧੇਰੇ ਝਾੜ ਪ੍ਰਾਪਤ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜੁਲਾਈ ਵਿੱਚ ਹੋਈਆਂ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਕਾਰਨ ਨੁਕਸਾਨੇ ਰਕਬੇ ਲਈ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਨੀਰੀ ਅਤੇ ਹੋਰ ਇਨਪੁੱਟਸ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿੱਚ ਇਸ ਵਾਰ ਝੋਨੇ ਦੀ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ। ਹੁਣ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਪਿਛਲੇ ਸਾਲ ਨਾਲੋਂ 20.7 ਫ਼ੀਸਦੀ ਦਾ ਵਾਧਾ ਹੋਇਆ ਹੈ।
ਹੜ੍ਹਾਂ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਅਤੇ ਕਿਸਾਨਾਂ ਦੀ ਮਿਹਨਤ ਸਦਕਾ ਝੋਨੇ ਦਾ ਝਾੜ 6619 ਕਿੱਲੋ ਪ੍ਰਤੀ ਹੈਕਟੇਅਰ ਰਿਹਾ ਜੋ ਕਿ ਪਿਛਲੇ ਸਾਲ 4752 ਕਿੱਲੋ ਪ੍ਰਤੀ ਹੈਕਟੇਅਰ ਸੀ। ਸਾਲ 2023 ਦੌਰਾਨ ਲਗਪਗ 3500 ਹੈਕਟੇਅਰ ਰਕਬੇ ’ਤੇ ਮੱਕੀ ਦੀ ਫ਼ਸਲ ਦੀ ਬਜਿਾਈ ਕੀਤੀ ਗਈ ਜਿਸ ਦਾ ਝਾੜ 5374 ਕਿੱਲੋ ਪ੍ਰਤੀ ਹੈਕਟੇਅਰ ਰਿਹਾ ਹੈ ਜੋ ਕਿ ਪਿਛਲੇ ਸਾਲ 4026 ਕਿੱਲੋ ਪ੍ਰਤੀ ਹੈਕਟੇਅਰ ਸੀ। ਮੱਕੀ ਦੀ ਫ਼ਸਲ ਦਾ ਝਾੜ 1348 ਕਿੱਲੋ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਰਾਹੀਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਇਸ ਸਦਕਾ ਕਿਸਾਨਾਂ ਵੱਲੋਂ ਭਰਪੂਰ ਸਹਿਯੋਗ ਦਿੰਦਿਆਂ ਲਗਪਗ 70 ਫ਼ੀਸਦੀ ਰਕਬਾ ਘੱਟ ਸਮਾਂ ਲੈਣ ਵਾਲੀ ਪੀਆਰ126 ਕਿਸਮ ਹੇਠ ਬੀਜਿਆ ਗਿਆ। ਫ਼ਸਲੀ ਵਿਭਿੰਨਤਾ ਅਧੀਨ ਮੱਕੀ ਅਤੇ ਗੰਨੇ ਵਰਗੀਆਂ ਫ਼ਸਲਾਂ ਹੇਠ ਕਾਸ਼ਤ ਅਧੀਨ ਲਿਆਉਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਕਿਸਮ ਪੀਏਸੀ 751 ਅਤੇ ਪੀਏਸੀ 9293 ਦਾ ਬੀਜ ਕਿਸਾਨਾਂ ਨੂੰ ਦਿੱਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਸਹਿਯੋਗ ਦਿੰਦਿਆਂ ਪਰਾਲੀ ਨੂੰ ਅੱਗ ਲਾਉਣ ਦੀ ਰੀਤ ਬਿਲਕੁਲ ਬੰਦ ਕੀਤੀ ਜਾਵੇ।

Advertisement

Advertisement
Advertisement
Author Image

Advertisement