ਪੰਜਾਬੀ ’ਵਰਸਿਟੀ ਦੇ ਸਹਾਇਕ ਪ੍ਰੋਫੈਸਰਾਂ ਨੇ ਭੀਖ ਮੰਗੀ
ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀਨ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਜਾਣਕਾਰੀ ਅਨੁਸਾਰ ਅੱਜ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੂਰੀ ਯੂਨੀਵਰਸਿਟੀ ਵਿੱਚ ਮਾਰਚ ਕਰ ਕੇ ਵੱਖ-ਵੱਖ ਥਾਵਾਂ ’ਤੇ ਭੀਖ ਮੰਗੀ ਅਤੇ ਆਪਣੀਆਂ ਡਿਗਰੀਆਂ ਦੇ ਬੈਨਰ ਲੈ ਕੇ ਲੋਕਾਂ ਨੂੰ ਸਮਝਾਇਆ ਕਿ ਇਨ੍ਹਾਂ ਡਿਗਰੀਆਂ ਕਰਨ ਦਾ ਕੀ ਫ਼ਾਇਦਾ ਹੈ ਜਦੋਂ ਉਨ੍ਹਾਂ ਨੇ ਸੜਕਾਂ ’ਤੇ ਹੀ ਰੁਲਣਾ ਹੈ। ਆਗੂ ਗੁਰਸੇਵਕ ਸਿੰਘ ਨੇ ਦੱਸਿਆ ਕਿ ਅੱਜ ਪ੍ਰੋਫੈਸਰ ਨਰਿੰਦਰ ਕੌਰ ਮੁਲਤਾਨੀ ਨੇ ਡੀਨ ਅਕਾਦਮਿਕ ਦਾ ਅਹੁਦਾ ਸਾਂਭ ਲਿਆ ਹੈ। ਯੂਨੀਅਨ ਆਗੂਆਂ ਦਾ ਇੱਕ ਵਫ਼ਦ ਡੀਨ ਆਕਦਿਮਕ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਦੋ ਮਹਿਲਾ ਪ੍ਰੋਫੈਸਰ ਗਰਮੀ ਕਾਰਨ ਬੇਹੋਸ਼ ਹੋ ਗਈਆਂ। ਮਹਿਲਾ ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਇਸ ਧਰਨੇ ਵਿੱਚ ਬਹੁਤ ਸਾਰੀਆਂ ਮਹਿਲਾ ਪ੍ਰੋਫੈਸਰ ਵੀ ਹਾਜ਼ਰ ਹੋ ਰਹੀਆਂ ਹਨ ਜੇਕਰ ਉਨ੍ਹਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਅਥਾਰਿਟੀ ਦੀ ਹੋਵੇਗੀ। ਯੂਨੀਅਨ ਆਗੂਆਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਇੰਟਰਵਿਊ ਕਰਨ ਦੀ ਥਾਂ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੀ ਜਾਵੇ ਕਿਉਂਕਿ ਅਧਿਆਪਕ ਨਾ ਹੋਣ ਕਰਕੇ ਕਾਲਜਾਂ ਵਿੱਚ ਦਾਖ਼ਲੇ ਘੱਟ ਗਏ ਹਨ ਜਿਸ ਨਾਲ ਗ਼ਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਡਾ. ਸ਼ਾਹਬਾਜ਼, ਵਿਨੋਦ, ਡਾ. ਰਮਨਦੀਪ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।