ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਮਾਹੌਲ ਭਖਿਆ
ਬਲਵਿੰਦਰ ਰੈਤ
ਨੂਰਪੁਰ ਬੇਦੀ, 2 ਅਕਤੂਬਰ
ਬਲਾਕ ਨੂਰਪੁਰ ਬੇਦੀ ਦੀਆਂ 138 ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਸਰਪੰਚੀ ਦੇ ਚਾਹਵਾਨਾਂ ਨੇ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ। ‘ਆਪ’ ਦੇ ਵਾਲੰਟੀਅਰ ਚੋਣਾਂ ਵਿੱਚ ਸਰਗਰਮ ਦੇਖੇ ਗਏ ਹਨ। ਇੱਕ ‘ਆਪ’ ਵਰਕਰ ਨੇ ਦੱਸਿਆ ਕਿ ਪਿੰਡਾਂ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਲਾਕ ਨੂਰਪੁਰ ਬੇਦੀ ਦੇ ਇੱਕ ਦਰਜਨ ਤੋਂ ਵੱਧ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਗਈ ਹੈ। ਦੂਜੇ ਪਾਸੇ, ਕਈ ਵੱਡੇ ਪਿੰਡਾਂ ਵਿੱਚ ਵੱਖ ਵੱਖ ਧਿਰਾਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਕਲਵਾਂ ਵਿੱਚ ‘ਆਪ’ ਅਤੇ ਦੂਜੀ ਪਾਰਟੀ ਦੇ ਵਿਅਕਤੀ ਦਾ ਮੁਕਾਬਲਾ ਹੈ। ਦੋਵਾਂ ਵੱਲੋਂ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।
ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਦਾ ਸਨਮਾਨ ਕਰਾਂਗੇ: ਚੱਢਾ
ਵਿਧਾਇਕ ਦਿਨੇਸ਼ ਚੱਢਾ ਨੇ ਬਲਾਕ ਨੂਰਪਰ ਬੇਦੀ ਦੀ ਪਿੰਡਾਂ ਵਿੱਚ ਸਰਬਸੰਮਤੀ ਨਾਲ ਬਣ ਰਹੀਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਚੰਗਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹੋਰ ਪਿੰਡਾਂ ਵਿੱਚ ਵੀ ਸਰਬਸੰਮਤੀ ਹੋਵੇਗੀ। ਇਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ।