For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ: ਭਗਵੰਤ ਮਾਨ

07:12 AM Aug 15, 2023 IST
ਪੰਜਾਬ ’ਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ  ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ।
Advertisement

ਬੀਰਬਲ ਰਿਸ਼ੀ/ਪਵਨ ਕੁਮਾਰ ਵਰਮਾ
ਸ਼ੇਰਪੁਰ/ਧੂਰੀ, 14 ਅਗਸਤ
ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਮੁੱਖ ਮੰਤਰੀ ਪਿੰਡ ਰਣੀਕੇ ’ਚ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਪਹੁੰਚੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਰਾਜੋਮਾਜਰਾ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕਰਵਾਉਣ ਲਈ ਇਹ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਕਲੀਨਿਕ 41 ਤਰ੍ਹਾਂ ਦੇ ਟੈਸਟ ਮੁਫ਼ਤ ਕਰਨ ਦੀ ਸੇਵਾ ਵੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ਵਿੱਚੋਂ ਕਰਵਾ ਲੈਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਵਧੀਆ ਇਲਾਜ ਤੋਂ ਕਿਸਮਤ ਉਤੇ ਛੱਡ ਦਿੰਦੇ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਕੈਂਸਰ ਦਾ ਮਿਆਰੀ ਇਲਾਜ ਉਪਲਬਧ ਹੈ, ਜਿਸ ਕਾਰਨ ਇਲਾਜ ਲਈ ਲੋਕਾਂ ਨੂੰ ਦੂਜੇ ਰਾਜਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜ਼ਿਲ੍ਹਿਆਂ ਵਿੱਚ ਖ਼ਾਲੀ ਪਈਆਂ ਅਧਿਕਾਰੀਆਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਤੇ ਹੈੱਡਕੁਆਟਰਾਂ ਤੋਂ ਅਧਿਕਾਰੀਆਂ ਦੀ ਤਾਇਨਾਤੀ ਫੀਲਡ ਵਿੱਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਢਣ ਲਈ ਨਵੀਂ ਨੀਤੀ ਘੜ੍ਹੀ ਗਈ ਹੈ ਤੇ ਖੇਡਾਂ ਜ਼ਰੀਏ ਨੌਜਵਾਨਾਂ ਨੂੰ ਉਸਾਰੂ ਪਾਸੇ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣ ਦਿੱਤਾ ਜਾਵੇਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਦੂਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਉਨ੍ਹਾਂ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਿਆ।

Advertisement

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕਰ ਕੇ ਭਗਵੰਤ ਮਾਨ ਵੱਲੋਂ  ਚੁੱਕੇ ਗਏ ਇਸ ਕਦਮ ਲਈ ਮੁੱਖ ਮੰਤਰੀ ਤੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਆਪਣੇ ਟਵੀਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਹ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਨੂੰ ਹੁਣ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਨੂੰ ਚੁਣਿਆ ਹੈ।

Advertisement

ਮੁੱਖ ਮੰਤਰੀ ਨੂੰ ਮਿਲਣ ਪੁੱਜੇ ਆਗੂ ਪੁਲੀਸ ਨੇ ਕਮਰੇ ’ਚ ਕੀਤੇ ‘ਬੰਦ’

ਸ਼ੇਰਪੁਰ (ਬੀਰਬਲ ਰਿਸ਼ੀ): ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਰਣੀਕੇ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੋਲ ਆਪਣੀਆਂ ਮੰਗਾਂ ਲੈ ਕੇ ਪਹੁੰਚੇ ਸੰਘਰਸ਼ਸੀਲ ਜਥੇਬੰਦੀਆਂ ਦੇ ਆਗੂਆਂ ਨੂੰ ਪੁਲੀਸ ਨੇ ਕਮਰੇ ਵਿੱਚ ਬੰਦ ਕਰਨ ਅਤੇ ਮੁੱਖ ਮੰਤਰੀ ਨੂੰ ਮਿਲਾਉਣ ਦੀ ਵਾਅਦਾਖਿਲਾਫੀ ਵਿਰੁੱਧ ਜਥੇਬੰਦੀਆਂ ਨੇ ਡਰੀਮ ਲੈਂਡ ਪੈਲੇਸ ਅੱਗੇ ਨਾਅਰੇਬਾਜ਼ੀ ਕੀਤੀ। ਨਾਅਰੇਬਾਜ਼ੀ ਦੌਰਾਨ ਸਾਬਕਾ ਸੈਨਿਕਾਂ ਦੀ ਕੋਰ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਕਮਲ ਕੁਮਾਰ ਵਰਮਾ ਨੇ ਦੱਸਿਆ ਕਿ ਜੀਓਜੀ ਦੀਆਂ ਸੇਵਾਵਾਂ ਬਹਾਲ ਕਰਵਾਉਣ ਲਈ ਉਨ੍ਹਾਂ ਮੁੱਖ ਮੰਤਰੀ ਨੂੰ ਮਿਲਣਾ ਸੀ, ਜਿਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਅੱਜ 12 ਵਜੇ ਤੱਕ ਰਣੀਕੇ ਚੌਕੀ ਵਿੱਚ ਬਿਠਾ ਕੇ ਰੱਖਿਆ ਤੇ ਮਗਰੋਂ ਕੁੱਝ ਹੋਰ ਜਥੇਬੰਦੀਆਂ ਸਮੇਤ ਡਰੀਮ ਲੈਂਡ ਪੈਲੇਸ ਦੇ ਇੱਕ ਕਮਰੇ ਵਿੱਚ ਲਿਆਂਦਾ। ਭਾਵੇਂ ਮੁੱਖ ਮੰਤਰੀ ਦੇ ਇੱਕ ਆਈਏਐੱਸ ਅਧਿਕਾਰੀ ਨੇ ਉਨ੍ਹਾਂ ਦਾ ਮੰਗ ਪੱਤਰ ਲਿਆ, ਪਰ ਮੁੱਖ ਮੰਤਰੀ ਦੇ ਜਾਣ ਤਕ ਉਨ੍ਹਾਂ ਨੂੰ ਕਮਰੇ ਅੰਦਰ ਬੰਦ ਕਰ ਦਿੱਤਾ ਗਿਆ। ਇਸ ਲਈ ਪ੍ਰਸ਼ਾਸਨ ਦੀ ਵਾਅਦਾਖਿਲਾਫ਼ੀ ਦੇ ਰੋਸ ਵਿੱਚ ਉਨ੍ਹਾਂ ਪ੍ਰਦਰਸ਼ਨ ਕੀਤਾ ਹੈ। ਇਸੇ ਤਰ੍ਹਾਂ ਦਿਵਿਆਂਗ ਜਨ ਅੰਗਹੀਣ ਏਕਤਾ ਦੇ ਸੂਬਾ ਪ੍ਰਧਾਨ ਲਾਭ ਸਿੰਘ ਨੇ ਕਿਹਾ ਕਿ ਉਹ ਅੰਗਹੀਣਾਂ ਦੀ ਪੈਨਸ਼ਨ ਪੰਜ ਹਜ਼ਾਰ ਕਰਨ, ਬੱਸ ਕਿਰਾਇਆ ਮੁਆਫ਼ ਕਰਨ ਸਮੇਤ ਹੋਰ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮਿਲਣ ਆਏ ਸਨ। ਪਹਿਲਾਂ ਉਨ੍ਹਾਂ ਨੂੰ ਰਣੀਕੇ ਚੌਕੀ ’ਚ ਬਿਠਾਇਆ ਗਿਆ ਤੇ ਮਗਰੋਂ ਉਨ੍ਹਾਂ ਨੂੰ ਵਾਹਨ ਪੈਲੇਸ ਦੇ ਅੰਦਰ ਨਹੀਂ ਲਿਜਾਣ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਜਾਣ ਮੌਕੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ, ਜਿਸ ਕਰਕੇ ਉਨ੍ਹਾਂ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਹੈ। ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਗੰਨਾ ਮਿੱਲ ਵੱਲ ਖੜ੍ਹਾ 17 ਤੇ ਪੰਜਾਬ ਸਰਕਾਰ ਵੱਲ ਖੜ੍ਹਾ 2.5 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਦੀ ਮੰਗ ਤਹਿਤ ਇਥੇ ਮੁੱਖ ਮੰਤਰੀ ਨੂੰ ਘੇਰਨ ਦਾ ਪ੍ਰੋਗਰਾਮ ਸੀ, ਪਰ ਪੁਲੀਸ ਨੇ ਉਨ੍ਹਾਂ ਨੂੰ ਪੈਲੇਸ ਦੇ ਕਮਰੇ ਅੰਦਰ ਬੰਦ ਕੀਤਾ।

Advertisement
Author Image

joginder kumar

View all posts

Advertisement