ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਮਨਾਇਆ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਦਸੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਅਕਾਲ ਤਖ਼ਤ ਸਾਹਿਬ) ਦਾ ਅੱਜ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਅੰਗਰੇਜ਼ਾਂ ਖ਼ਿਲਾਫ਼ ਲੜੀ ਜੰਗ ਅਤੇ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਣੇ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਵਾਰਾਂ ਵਿੱਚ ਸੁਣਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਵਿਚਾਰਾਂ ਦੀ ਸਾਂਝ ਪਾਈ।
ਇਸ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਬੰਤਾ ਸਿੰਘ ਭਾਈ ਬਿਧੀਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜਥਾ ਜਗਾਧਰੀ ਵਾਲੇ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਆਨੰਦਪੁਰ ਸਾਹਿਬ, ਭਾਈ ਜਰਨੈਲ ਸਿੰਘ ਲੁਧਿਆਣਾ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਆਦਿ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ, ਜਗਮੋਹਨ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ ਆਦਿ ਨੇ ਹਾਜ਼ਰੀ ਭਰੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।