For the best experience, open
https://m.punjabitribuneonline.com
on your mobile browser.
Advertisement

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

09:00 AM Jan 18, 2024 IST
ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਚੰਡੀਗੜ੍ਹ ਵਿੱਚ ਸੈਕਟਰ 20 ਸਥਿਤ ਗੁਰਦੁਆਰਾ ਖੇੜੀ ਵਿਖੇ ਕਥਾ-ਕੀਰਤਨ ਕਰਦਾ ਹੋਇਆ ਕੀਰਤਨੀ ਜਥਾ। -ਫੋਟੋ: ਮੁਕੇਸ਼ ਕੁਮਾਰ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਜਨਵਰੀ
ਐੱਸਏਐੱਸ ਨਗਰ (ਮੁਹਾਲੀ) ਵਿੱਚ ਵੱਖ-ਵੱਖ ਗੁਰਦੁਆਰਿਆਂ ’ਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਾਰਾ ਦਿਨ ਗੁਰੂ-ਘਰਾਂ ਵਿੱਚ ਸ਼ਬਦ ਕੀਰਤਨ ਹੋਇਆ ਅਤੇ ਅਤੁੱਟ ਲੰਗਰ ਵਰਤੇ। ਵੱਡੀ ਗਿਣਤੀ ਸੰਗਤ ਨੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ, ਜਿਸ ਵਿੱਚ ਬੀਬੀ ਮੁਖ਼ਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਿਰਤਾਂਤ ਬਾਰੇ ਢਾਡੀ ਵਾਰਾਂ ਦੱਸਿਆ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਵੱਖ-ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋਏ ਅਤੇ ਸ਼ਬਦ ਕੀਰਤਨ ਸੁਣਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੁੜਨ ਅਤੇ ਜੋੜਨ ਦੀ ਸਖ਼ਤ ਲੋੜ ਹੈ। ਇਸ ਮੌਕੇ ‘ਆਪ’ ਆਗੂ ਬੱਬੀ ਬਾਦਲ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਮਰਜੀਤ ਸਿੰਘ ਪਾਹਵਾ, ਹਰਬਿੰਦਰ ਸਿੰਘ ਸੈਣੀ, ਨੰਬਰਦਾਰ ਹਰਸੰਗਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Advertisement

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਇੱਕ ਜਥਾ ਸ਼ਬਦ ਗਾਇਨ ਕਰਦਾ ਹੋਇਆ। -ਫੋਟੋ: ਸੋਢੀ

ਘਨੌਲੀ (ਪੱਤਰ ਪ੍ਰੇਰਕ): ਘਨੌਲੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ। ਪਿੰਡ ਥਲੀ ਕਲਾਂ ਵਿੱਚ ਢਾਡੀ ਜਤਿੰਦਰ ਸਿੰਘ ਬੈਂਸ ਤੇ ਘਨੌਲੀ ਦੇ ਗੁਰਦੁਆਰੇ ਵਿੱਚ ਗਿਆਨੀ ਮਲਕੀਤ ਸਿੰਘ ਪਪਰਾਲੀ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਗੁਰ ‌ਇਤਿਹਾਸ ਸੁਣਾ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਮੁੱਲਾਂਪੁਰ ਗਰੀਬਦਾਸ, ਨਵਾਂ ਗਾਉਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਬੜ ਸਾਹਿਬ ਨਵਾਂ ਗਾਉਂ ਵਿੱਚ ਨਗਰ ਕੀਰਤਨ ਮਗਰੋਂ ਧਾਰਮਿਕ ਸਮਾਗਮ ਹੋਇਆ। ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸਮਾਗਮ ਦੌਰਾਨ ਬਾਬਾ ਲਖਬੀਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਇਸ ਮੌਕੇ ਪ੍ਰਧਾਨ ਭਗਤ ਸਿੰਘ, ਸੈਕਟਰੀ ਭਾਗ ਸਿੰਘ ਤੇ ਸਾਬਕਾ ਪ੍ਰਧਾਨ ਹਿੰਮਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਮੁੱਲਾਂਪੁਰ ਗਰੀਬਦਾਸ ਵਿਖੇ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲਿਆਂ ਸਮੇਤ ਹੋਰਨਾਂ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਫਰੌਰ ਵਿੱਚ ਬਾਬਾ ਸ੍ਰੀ ਚੰਦ ਜੀ ਦੇ ਅਸਥਾਨਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਫਰੌਰ ਤੋਂ ਸਜਾਏ ਗਏ ਨਗਰ ਕੀਰਤਨ ਦਾ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਵਿੱਚ ਦਾਸ ਬਾਬਾ ਸਰਬਜੀਤ ਸਿੰਘ ਭੱਲਾ ਅਤੇ ਹੋਰ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰਾਪਾਓ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ। ਭਾਈ ਦਲਜੀਤ ਸਿੰਘ ਫਰੌਰ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰ ਕੇ ਆਈ ਸੰਗਤ ਨੂੰ ਨਿਹਾਲ ਕੀਤਾ ਅਤੇ ਕਥਾ ਵਾਚਕ ਭਾਈ ਤੇਜਿੰਦਰ ਸਿੰਘ ਫਰੌਰ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਦਾਸ ਬਾਬਾ ਸਰਬਜੀਤ ਸਿੰਘ ਭੱਲਾ ਵੱਲੋਂ ਇਸ ਮੌਕੇ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਪ੍ਰਕਾਸ਼ ਪੁਰਬ ਮੌਕੇ ਜੈਕਾਰਿਆਂ ਨਾਲ ਗੂੰਜੀ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ

ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ। -ਫੋਟੋ: ਚਾਨਾ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਅੱਜ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਤੇ ਇਲਾਹੀ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਿਤਾ ਸ੍ਰੀ ਸੋਹਨ ਸਿੰਘ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਾਰਿਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਾਹਿਬ ਦੀ ਅਜ਼ੀਮ ਸ਼ਖਸੀਅਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਅੱਜ ਤਖ਼ਤ ਸਾਹਿਬ ਨਤਮਸਤਕ ਹੋਏ। ਦੱਸਣਯੋਗ ਹੈ ਕਿ ਆਸ-ਪਾਸ ਦੇ ਪਿੰਡਾਂ, ਨਗਰਾਂ ਤੋਂ 10 ਵਿਸ਼ਾਲ ਨਗਰ ਕੀਰਤਨ ਦੇਰ ਸ਼ਾਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਤੇ ਇਨ੍ਹਾਂ ਨਗਰ ਕੀਰਤਨਾਂ ਦਾ ਸਵਾਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਜਥੇਦਾਰ ਰਾਮ ਸਿੰਘ ਤੇ ਠੇਕੇਦਾਰ ਗੁਰਨਾਮ ਸਿੰਘ ਅਤੇ ਸਮੂਹ ਸੰਗਤ ਵੱਲੋ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਿਛਲੇ 21 ਸਾਲਾਂ ਤੋਂ ਜੈਪੁਰ ਦੇ ਕੁਲਵਿੰਦਰ ਸਿੰਘ ਫੁੱਲ ਵੱਲੋਂ ਗੁਰਦੁਆਰੇ ਅੰਦਰ ਦਰਬਾਰ ਸਾਹਿਬ ਵਿਖੇ ਤਾਜੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ।

ਲਾਲੜੂ ਖੇਤਰ ਦੇ ਗੁਰਦੁਆਰਿਆਂ ’ਚ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਲਾਲੜੂ (ਪੱਤਰ ਪ੍ਰੇਰਕ): ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲਾਲੜੂ ਇਲਾਕੇ ਦੇ ਗੁਰਦੁਆਰਿਆਂ ਵਿੱਚ ਸੰਗਤਾਂ ਦੀ ਭਾਰੀ ਭੀੜ ਲੱਗੀ ਰਹੀ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਰੁਝੇਵਿਆਂ ਕਾਰਨ ਉਨ੍ਹਾਂ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਲਾਲੜੂ ਸਰਕਲ ਦੇ ਪਿੰਡ ਜੜੋਤ ਅਤੇ ਹੰਡੇਸਰਾ ਸਰਕਲ ਦੇ ਪਿੰਡ ਰਾਣੀਮਾਜਰਾ ਦੇ ਗੁਰਦੁਆਰਿਆਂ ਵਿੱਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਸੂਬੇ ਅਤੇ ਡੇਰਾਬੱਸੀ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਕਮੇਟੀਆਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਸਥਾਨਕ ਪ੍ਰਸ਼ਾਸਨ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਇਲਾਕੇ ਵਿੱਚ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਲੋਕਾਂ ਨੂੰ ਜਾਗਰੂਕ ਕਰਨ ਅਤੇ ਐੱਸਜੀਪੀਸੀ ਚੋਣਾਂ ਲਈ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਇਲਾਕੇ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ।

Advertisement
Author Image

sukhwinder singh

View all posts

Advertisement
Advertisement
×