ਗੁਰੂ ਘਰਾਂ ਵਿੱਚ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਪਟਿਆਲਾ, 5 ਜੂਨ
ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੁੱਖ-ਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਣੇ ਗੁਰਦੁਆਰਾ ਬਾਬਾ ਅਜਾਪਾਲ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਦੁੱਖ-ਨਿਵਾਰਨ ਵਿੱਚ ਅਖੰਡ ਪਾਠ ਦੇ ਭੋਗ ਪਾਏ। ਪ੍ਰਕਾਸ਼ ਦਿਹਾੜੇ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਮੀਰੀ ਪੀਰੀ ਬਾਰੇ ਵੀ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਕਾਫ਼ੀ ਸੰਗਤ ਨੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ। ਇਸ ਮੌਕੇ ਗੁਰੂ ਘਰਾਂ ਵਿੱਚ ਅਤੁੱਟ ਲੰਗਰ ਵੀ ਵਰਤਾਏ ਗਏ।
ਡਕਾਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਕਮੇਟੀ ਅਧੀਨ ਪੈਂਦੇ ਇਤਿਹਾਸਕ ਗੁਰੂਦੁਆਰਾ ਕਰਹਾਲੀ ਸਾਹਿਬ ਵਿੱਚ ਐੱਸਜੀਪੀਸੀ ਵੱਲੋਂ ਕਰਹਾਲੀ ਸਾਹਿਬ ਤੇ ਇਲਾਕਾ ਵਾਸੀ ਸੰਗਤ ਦੇ ਸਹਿਯੋਗ ਨਾਲ ਗੁਰੁ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਮਨਾਇਆ ਗਿਆ। ਸਮਾਗਮ ਦੌਰਾਨ ਰਾਤ ਦੇ ਦੀਵਾਨ ਮੌਕੇ ਰਾਗੀ, ਢਾਡੀ ਜਥਿਆਂ ਤੋਂ ਇਲਾਵਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸ਼੍ਰੋਮਣੀ ਕਥਵਾਚਕ ਭਾਈ ਪ੍ਰਿਤਪਾਲ ਸਿੰਘ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਾਲਿਆਂ ਵੱਲੋਂ ਗੁਰੂ ਸਾਹਿਬ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ। ਰਾਤਰੀ ਦੀਵਾਨਾ ਮਗਰੋਂ ਅੱਜ ਅਖੰਡ ਪਾਠਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ।
ਇਸ ਵਿਚ ਦਿਲਪ੍ਰੀਤ ਕੌਰ ਬੀਬੀਆਂ ਦੇ ਰਾਗੀ ਜਥੇ, ਕਥਾਵਾਚਕ ਗਿਆਨੀ ਫੂਲਾ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ, ਬਲਬੀਰ ਸਿੰਘ ਸਾਗਰ ਢਾਡੀ ਜਥਾ ਵੱਲੋਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤ ਲਈ ਅਤੁੱਟ ਲੰਗਰ ਵੀ ਲਾਇਆ ਗਿਆ। ਸਮਾਗਮ ਦੇ ਅਖੀਰ ਮੌਕੇ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ।