ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਚੱਲਦਿਆਂ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ।
ਸ੍ਰੀ ਅਕਾਲ ਤਖ਼ਤ ਵਿਖੇ ਕੀਤੇ ਗਏ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਪ੍ਰਕਾਸ਼ ਗੁਰਪੁਰਬ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਸੀ ਅਤੇ ਸਿੱਖਾਂ ਨੂੰ ਜ਼ੁਲਮ ਖਿਲਾਫ਼ ਸੰਘਰਸ਼ ਕਰਨ ਦੀ ਪ੍ਰੇਰਨਾ ਦਿੱਤੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਿੱਖਾਂ ਦੀ ਆਜ਼ਾਦ ਹਸਤੀ ਅਤੇ ਇਲਾਹੀ ਜਲੌਅ ਦਾ ਪ੍ਰਤੀਕ ਹੈ। ਇਸ ਸਿਧਾਂਤ ‘ਤੇ ਪਹਿਰਾ ਦੇਣਾ ਹਰ ਸਿੱਖ ਦਾ ਫ਼ਰਜ਼ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਦੇ ਜਨਮ ਦਿਹਾੜੇ ਮੌਕੇ ਮਗਹਰ ‘ਚ ਸਮਾਗਮ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਰਾਹੀਂ ਸੰਗਤ ਦੇ ਸਹਿਯੋਗ ਨਾਲ ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇੱਥੇ ਯਾਤਰੀ ਨਿਵਾਸ ਅਤੇ ਲੰਗਰ ਹਾਲ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਲਹਿਰ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਹਾਲਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਦੇ ਠਹਿਰਣ ਲਈ ਸਰਾਂ (ਯਾਤਰੀ ਨਿਵਾਸ) ਅਤੇ ਲੰਗਰ ਹਾਲ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕਰਵਾਈ ਜਾਵੇਗੀ। ਸਮਾਗਮ ਦੌਰਾਨ ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਭਗਤ ਕਬੀਰ ਨੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਧਾਰਮਿਕ ਨਿਘਾਰ ‘ਤੇ ਕਰਾਰੀ ਚੋਟ ਮਾਰੀ। ਉਨ੍ਹਾਂ ਨੇ ਸੰਗਤ ਨੂੰ ਭਗਤ ਕਬੀਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਦੇਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਵਿੱਚ ਚੱਲ ਰਹੇ ਧਰਮ ਪ੍ਰਚਾਰ ਕਾਰਜਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਇਨ੍ਹਾਂ ਨੂੰ ਭਵਿੱਖ ਵਿੱਚ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਅਤੇ ਲੋੜ ਅਨੁਸਾਰ ਪ੍ਰਚਾਰਕ ਜਥੇ ਭੇਜੇ ਜਾਣ ਦਾ ਵੀ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪ੍ਰਚਾਰਕ ਭਾਈ ਬਲਦੇਵ ਸਿੰਘ ਓਗਰਾ ਅਤੇ ਢਾਡੀ ਗਿਆਨੀ ਗੁਰਮੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ।