ਸ਼ੰਭੂ ਮੋਰਚੇ ’ਤੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ
ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਨਵੰਬਰ
ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਕਿਸਾਨ ਤੇ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ’ਤੇ ਸੰਘਰਸ਼ ਜਾਰੀ ਹੈ। ਇਨ੍ਹਾਂ ਥਾਵਾਂ ’ਤੇ ਅੱਜ ਗੁਰੂ ਨਾਨਕ ਦੇਵ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੰਦੋਲਨ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲੋਕਾਈ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਕ੍ਰਾਂਤੀਕਾਰੀ ਸੁਨੇਹਾ ਦੇਣ ਵਾਲੇ ਗੁਰੂ ਜੀ ਨੇ ਉਸ ਵੇਲੇ ਦੇ ਜ਼ਾਲਮ ਹਾਕਮਾਂ ਅਤੇ ਧਰਮ ਦੇ ਨਾਂ ’ਤੇ ਆਮ ਲੋਕਾਂ ਦੀ ਲੁੱਟ ਕਰਨ ਵਾਲਿਆਂ ਦਾ ਵਿਰੋਧ ਕੀਤਾ ਸੀ। ਅੱਜ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵੱਲੋਂ ਗੁਰੂ ਸਾਹਿਬਾਨ ਦੀਆਂ ਸਿੱਖਿਆ ’ਤੇ ਚੱਲ ਕੇ ਮੌਜੂਦਾ ਸਮੇਂ ਸਰਕਾਰਾਂ ਦੇ ਜ਼ੁਲਮ ਅਤੇ ਲੁੱਟ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਅਹਿਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੱਡੇ ਪੱਧਰ ’ਤੇ ਦੇਸ਼ ਭਰ ਵਿਚ ਗੁਰਪੁਰਬ ਮਨਾਇਆ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਹੈ ਕਿ ਕਿਸਾਨ ਹੱਕਾਂ ਦੇ ਸੰਘਰਸ਼ ਲਈ ਲਾਮਬੰਦੀ ਕੀਤੀ ਜਾਵੇ ਅਤੇ ਆਉਂਦੇ ਦਿਨਾਂ ਵਿੱਚ ਕੀਤੇ ਜਾ ਰਹੇ ਵੱਡੇ ਐਲਾਨਾਂ ਨੂੰ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾਣ।