For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਰਾਜਪਾਲ ਕੋਲ ਚੁੱਕਿਆ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਮੁੱਦਾ

08:43 AM Jul 09, 2024 IST
ਭਾਜਪਾ ਨੇ ਰਾਜਪਾਲ ਕੋਲ ਚੁੱਕਿਆ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਮੁੱਦਾ
ਸੁਨੀਲ ਜਾਖੜ ਰਵਨੀਤ ਬਿੱਟੂ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 8 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੀ ਸਮਾਪਤੀ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਉਭਾਰਿਆ। ਭਾਜਪਾ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਵੋਟਰਾਂ ਨੂੰ ਸੂਬੇ ਵਿੱਚ ਅਮਨ ਕਾਨੂੰਨ ਦੀ ਨਿੱਘਰਦੀ ਸਥਿਤੀ ਦਾ ਹਵਾਲਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਕਾਤਲਾਨਾ ਹਮਲੇ ਮਗਰੋਂ ਰਾਜਪਾਲ ਨੇ ਖ਼ੁਦ ਵੀ ਲੁਧਿਆਣਾ ਦਾ ਦੌਰਾ ਕੀਤਾ ਸੀ।
ਅੱਜ ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਨੇ ਪੰਜਾਬ ਦੀਆਂ ਕਈ ਘਟਨਾਵਾਂ ਦਾ ਹਵਾਲਾ ਦੇ ਕੇ ਰਾਜਪਾਲ ਨੂੰ ਸਥਿਤੀ ਤੋਂ ਜਾਣੂ ਕਰਾਇਆ। ਜਾਖੜ ਨੇ ਮੀਟਿੰਗ ਮਗਰੋਂ ਕਿਹਾ ਕਿ ਰਾਜਪਾਲ ਨੂੰ ਪੂਰੀ ਸਥਿਤੀ ਬਾਰੇ ਦੱਸਿਆ ਹੈ ਅਤੇ ਹੁਣ ਰਾਜਪਾਲ ਪ੍ਰਕਿਰਿਆ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਣੂ ਕਰਾ ਦੇਣਗੇ। ਉਨ੍ਹਾਂ ਜਲੰਧਰ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਵੱਲੋਂ ਫੈਲਾਈ ਹਿੰਸਾ, ਦਿਨ ਦਿਹਾੜੇ ਲੁੱਟਾਂ-ਖੋਹਾਂ, ਫਿਰੌਤੀਆਂ ਦੇ ਤਾਲਿਬਾਨੀ ਮਾਹੌਲ ਨੂੰ ਨਕਾਰਨ ਲਈ ਇੱਕਜੁਟ ਹੋ ਕੇ ਆਪਣੀ ਵੋਟ ਪਾਉਣ।
ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਭਾਈਚਾਰਕ ਸਾਂਝ ਵਾਲੇ ਸੱਭਿਆਚਾਰ ਨੂੰ ਢਾਹ ਲਾਉਣ ਵਿੱਚ ‘ਆਪ’ ਸਰਕਾਰ ਦੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਵੋਟਰਾਂ ਨੂੰ ਲੁਧਿਆਣਾ ਅਤੇ ਮੌੜ ਵਿੱਚ ਦਿਨ ਦਿਹਾੜੇ ਵਾਪਰੀਆਂ ਘਟਨਾਵਾਂ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਬਟਾਲਾ ਅਤੇ ਅੰਮ੍ਰਿਤਸਰ ਸਣੇ ਹੋਈਆਂ ਹਿੰਸਕ ਘਟਨਾਵਾਂ ਦਾ ਸਿਲਸਿਲਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਜਾਖੜ ਨੇ ਕੱਲ੍ਹ ਸ਼ਹਿਰ ਦਾ ਦੌਰਾ ਕਰਕੇ ਲੁਧਿਆਣਾ ਦੀ ਮੌਜੂਦਾ ਜ਼ਮੀਨੀ ਸਥਿਤੀ ਦਾ ਪਤਾ ਲਗਾਉਣ ਲਈ ਰਾਜਪਾਲ ਵੱਲੋਂ ਕੀਤੇ ਯਤਨਾਂ ਲਈ ਵੀ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਹਿੰਸਕ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ, ਜੋ ਕਿ ਸੂਬੇ ਦੇ ਖ਼ੁਸ਼ਹਾਲ ਭਵਿੱਖ ਲਈ ਚਿੰਤਾ ਦੀ ਗੱਲ ਹਨ। ਉਨ੍ਹਾਂ ਵੋਟਰਾਂ ਨੂੰ ਭਗਵੰਤ ਮਾਨ ਦੀਆਂ ਨੀਤੀਆਂ ਨੂੰ ਨਕਾਰਦਿਆਂ ਪੰਜਾਬ ਦੇ ਚੰਗੇ ਭਵਿੱਖ ਲਈ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਨਿਰਣਾਇਕ ਅਤੇ ਮਜ਼ਬੂਤ ਲੀਡਰਸ਼ਿਪ ਨਾਲ ਪੰਜਾਬ ਦੀ ਤਰੱਕੀ ਨੂੰ ਯਕੀਨੀ ਬਣਾ ਸਕਦੀ ਹੈ। ਜਾਖੜ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਉਮੀਦਵਾਰ ਸ਼ੀਤਲ ਅੰਗੁਰਾਲ ਬਹੁਤ ਸੌਖ ਨਾਲ ਜਿੱਤਣਗੇ। ਜਾਖੜ ਨੇ ਕਿਹਾ ਕਿ ਭਾਜਪਾ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਦੀ ਰਹੇਗੀ।

Advertisement

Advertisement
Advertisement
Author Image

joginder kumar

View all posts

Advertisement