ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਠਾ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ

08:02 AM May 07, 2024 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਤਰਸੇਮ ਜੋਧਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਮਈ
ਜ਼ਿਲ੍ਹਾ ਭਰ ਦੇ ਸੈਂਕੜੇ ਭੱਠਾ ਮਜ਼ਦੂਰਾਂ ਵੱਲੋਂ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਘੱਟੋ ਘੱਟ ਉਜਰਤਾਂ ਲਾਗੂ ਕਰਾਉਣ ਲਈ ਆਵਾਜ਼ ਬੁਲੰਦ ਕੀਤੀ। ਭਾਵੇਂ ਭੱਠਾ ਮਜ਼ਦੂਰ ਅੱਜ ਇੱਥੇ ਬੇਮਿਆਦੀ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰਕੇ ਪੁੱਜੇ ਸੀ ਪਰ ਸਹਾਇਕ ਕਿਰਤ ਕਮਿਸ਼ਨਰ ਵਲੋਂ ਭੱਠਾ ਮਜ਼ਦੂਰ ਯੂਨੀਅਨ ਅਤੇ ਭੱਠਾ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਮੰਗਾਂ ’ਤੇ ਸਹਿਮਤੀ ਬਣ ਗਈ।
ਇਸ ਤੋਂ ਪਹਿਲਾਂ ਡੀਸੀ ਦਫ਼ਤਰ ਅੱਗੇ ਮੁੱਖ ਸੜਕ ਉੱਪਰ ਅੱਜ ਜ਼ਿਲ੍ਹੇ ਭਰ ਦੇ ਭੱਠਾ ਮਜ਼ਦੂਰਾਂ ਵੱਲੋਂ ਆਵਾਜਾਈ ਠੱਪ ਕਰਕੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਚੋਣਾਂ ਦੀ ਆੜ ਵਿੱਚ ਮਾਰਚ-2024 ਦੀਆਂ ਘੱਟੋ ਘੱਟ ਉਜਰਤਾਂ ਲਾਗੂ ਨਾ ਕਰਕੇ ਮਜ਼ਦੂਰਾਂ ਨੂੰ ਆਰਥਿਕ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਘੱਟੋ ਘੱਟ ਉਜਰਤਾਂ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਲੋਕ ਸਭਾ ਚੋਣਾਂ ਦੌਰਾਨ ਭੱਠਾ ਮਜ਼ਦੂਰਾਂ ਵੱਲੋਂ ਸਰਕਾਰ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਚੋਣਾਂ ’ਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਬਾਅਦ ਦੁਪਹਿਰ ਮੰਗਾਂ ਦੇ ਹੱਲ ਲਈ ਸਹਾਇਕ ਕਿਰਤ ਕਮਿਸ਼ਨਰ ਦੀ ਅਗਵਾਈ ਹੇਠ ਭੱਠਾ ਮਾਲਕ ਐਸੋਸੀਏਸ਼ਨ ਅਤੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਮੁੱਖ ਆਗੂਆਂ ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਧਰਨੇ ਦੌਰਾਨ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਚਰਨਜੀਤ ਸਿੰਘ ਹਿਮਾਯੂਪੁਰਾ ਅਤੇ ਜ਼ਿਲ੍ਹਾ ਇੰਚਾਰਜ ਸੱਤਪਾਲ ਬਹਿਣੀਵਾਲ ਲੇ ਦੱਸਿਆ ਕਿ ਮੀਟਿੰਗ ਦੌਰਾਨ ਭੱਠਾ ਮਾਲਕ ਐਸੋਸੀਏਸ਼ਨ ਨੇ ਮੰਨਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਭੱਠਾ ਮਜ਼ਦੂਰਾਂ ਨੂੰ ਜਿਹੜਾ ਵੀ ਰੇਟ ਮਿਲੇਗਾ, ਉਹੀ ਰੇਟ ਜ਼ਿਲ੍ਹਾ ਸੰਗਰੂਰ ਵਿੱਚ ਭੱਠਾ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ।
ਆਗੂਆਂ ਦੱਸਿਆ ਕਿ ਪਹਿਲਾਂ ਜ਼ਿਲ੍ਹਾ ਲੁਧਿਆਣਾ ਦੇ ਭੱਠਾ ਮਜ਼ਦੂਰਾਂ ਨੂੰ ਜ਼ਿਲ੍ਹਾ ਸੰਗਰੂਰ ਤੋਂ ਵੱਧ ਰੇਟ ਮਿਲਦਾ ਸੀ ਪਰ ਹੁਣ ਭੱਠਾ ਮਾਲਕ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ ’ਤੇ ਹੁਣ ਦੋਵਾਂ ਜ਼ਿਲ੍ਹਿਆਂ ਵਿੱਚ ਭੱਠਾ ਮਜ਼ਦੂਰਾਂ ਨੂੰ ਇੱਕੋ ਰੇਟ ਮਿਲੇਗਾ।
ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਘੱਟੋ ਘੱਟ ਉਜਰਤਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਸਖਤ ਐਕਸ਼ਨ ਲਈ ਮਜਬੂਰ ਹੋਵੇਗੀ। ਧਰਨੇ ਨੂੰ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਦੇ ਸੂਬਾ ਆਗੂ ਕੇਵਲ ਸਿੰਘ ਹਜ਼ਾਰਾ, ਅਮਰਜੀਤ ਸਿੰਘ ਹਿਮਾਂਯੂਪੁਰਾ, ਹਰਜਿੰਦਰ ਸਿੰਘ ਬਨਭੌਰਾ, ਗੁਰਮੇਲ ਸਿੰਘ ਮੋਗਾ ਤੇ ਜੀਵਨ ਸਿੰਘ ਬਹਿਣੀਵਾਲ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement