ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ’ਤੇ ਸਰਪੰਚੀ ਦਾ ਉਮੀਦਵਾਰ ਬਣਨਾ ਪਿਆ ਭਾਰੀ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਨੇ ਬਲਾਕ ਅਮਰਗੜ੍ਹ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਹਥੋਆ, ਜੋ ਯੂਨੀਅਨ ਦੀ ਨੀਤੀ ਅਤੇ ਸਮਝ ਦੇ ਉਲਟ ਸਰਪੰਚੀ ਦੀ ਚੋਣ ਲੜ ਰਹੇ ਹਨ, ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਮੀਟਿੰਗ ਦੌਰਾਨ ਆਗੂਆਂ ਨੇ ਉਸ ਨੂੰ ਬਲਾਕ ਇਕਾਈ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਉਸ ਦੀ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਵੀ ਖ਼ਾਰਜ ਕਰ ਦਿੱਤੀ ਗਈ ਹੈ। ਆਗੂਆਂ ਨੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਜਥੇਬੰਦੀ ਦਾ ਦਰਸ਼ਨ ਸਿੰਘ ਹਥੋਆ ਨਾਲ ਕੋਈ ਸਬੰਧ ਨਹੀਂ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬੇ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੋਇਆ ਹੈ। ਇਸ ਸਬੰਧੀ ਜਥੇਬੰਦੀ ਦਾ ਤਰਕ ਹੈ ਕਿ ਚੋਣ ਸਿਸਟਮ ਭਾਈਚਾਰਕ ਸਾਂਝ ਲਈ ਖ਼ਤਰਾ ਬਣਦਾ ਜਾ ਰਿਹਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਨੇੜਲੇ ਪਿੰਡ ਭੋਗੀਵਾਲ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਕਮੇਟੀ ਮੈਂਬਰ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਹੀ। ਇਸ ਮੌਕੇ ਉਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤ ਚੋਣਾਂ ਵਿੱਚ ਕੋਈ ਸਰਗਰਮੀ ਨਾ ਕਰਨ, ਜੇ ਕੋਈ ਵੋਟਾਂ ਵਿੱਚ ਹਿੱਸਾ ਲਵੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।