ਬੱਸ ਅੱਡੇ ’ਤੇ ਨਸ਼ੇ ਦੀ ਹਾਲਤ ਵਿੱਚ ਬੇਸੁਧ ਮਿਲੇ ਮੁੰਡਾ-ਕੁੜੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਅਕਤੂਬਰ
ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਟਰਮੀਨਲ ਵਿੱਚ ਨੌਜਵਾਨ ਤੇ ਲੜਕੀ ਦੀ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਬੇਸੁਧ ਡਿੱਗੇ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲੀਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਦੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ।
ਲੜਕੀ ਅਤੇ ਨੌਜਵਾਨ ਨੇ ਬਾਅਦ ਵਿੱਚ ਕਬੂਲ ਕੀਤਾ ਕਿ ਉਹ ਨਸ਼ੇ ਦੇ ਆਦੀ ਹਨ ਅਤੇ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਦੇ ਦਖ਼ਲ ਤੋਂ ਬਾਅਦ ਉਹ ਨਸ਼ਾ ਛੁਡਾਊ ਕੇਂਦਰ ਵਿੱਚ ਆਪਣਾ ਇਲਾਜ ਕਰਵਾਉਣ ਵਾਸਤੇ ਸਹਿਮਤ ਹੋ ਗਏ ਸਨ।
ਸਹਾਇਕ ਪੁਲੀਸ ਕਮਿਸ਼ਨਰ (ਪੂਰਬੀ) ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਰਾਮਬਾਗ ਪੁਲੀਸ ਨੇ ਦੋਵਾਂ ਦੀ ਸ਼ਨਾਖਤ ਕਰਕੇ ਨਸ਼ਾ ਛੁਡਾਊ ਕੇਂਦਰ ’ਚ ਇਲਾਜ ਕਰਵਾਉਣ ਲਈ ਭੇਜ ਦਿੱਤਾ ਹੈ, ਜਿੱਥੇ ਉਨ੍ਹਾਂ ਨੂੰ ਕੰਮ ਦੀ ਸਿਖਲਾਈ ਦੇ ਕੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਉਨ੍ਹਾਂ ਖ਼ਿਲਾਫ਼ ਰੋਕਥਾਮ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਸੀ ਪਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਮੁੜ ਬੱਸ ਸਟੈਂਡ ਨੇੜੇ ਨਸ਼ਾ ਕਰਨ ਲੱਗੇ।
ਸ਼ਰਾਬ ਦੀ ਤਸਕਰੀ ਕਰਨ ਵਾਲਾ ਕਾਬੂ
ਜਲੰਧਰ (ਪੱਤਰ ਪ੍ਰੇਰਕ): ਥਾਣਾ-3 ਦੀ ਪੁਲੀਸ ਨੇ ਸ਼ਰਾਬ ਸਪਲਾਈ ਕਰਨ ਆਏ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਸੰਨੀ ਵਾਸੀ ਢਾਹਾਂ ਮੁਹੱਲਾ ਵਜੋਂ ਹੋਈ ਹੈ। ਥਾਣਾ-3 ਦੇ ਏਐੱਸਆਈ ਹੀਰਾ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ’ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰ ਰਿਹਾ ਹੈ। ਇਸੇ ਦੌਰਾਨ ਦਮੋਰੀਆ ਪੁਲ ਨੇੜੇ ਚੈਕਿੰਗ ਦੌਰਾਨ ਪੁਲੀਸ ਨੇ ਮੁਲਜ਼ਮ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਕੇਂਦਰੀ ਜੇਲ੍ਹ ਵਿੱਚੋਂ ਨਸ਼ੀਲੇ ਪਾਊਡਰ ਸਮੇਤ ਕਾਂਸਟੇਬਲ ਗ੍ਰਿਫ਼ਤਾਰ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਇਸਲਾਮਾਬਾਦ ਦੀ ਪੁਲੀਸ ਨੇ ਇੱਥੇ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਦੇ ਅਹਾਤੇ ਵਿੱਚ ਕਥਿਤ ਤੌਰ ’ਤੇ 120 ਗ੍ਰਾਮ ਨਸ਼ੀਲਾ ਪਾਊਡਰ ਅੰਦਰ ਲੈ ਜਾਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਭਾਰਤੀ ਰਿਜ਼ਰਵ ਬਟਾਲੀਅਨ ਦੇ ਇੱਕ ਸੀਨੀਅਰ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਸਿਮ ਵਾਲਾ ਕੀਪੈਡ ਫੋਨ ਰੱਖਣ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਕੈਦੀ ਜੈਦੀਸ਼ ਸਿੰਘ ਉਰਫ਼ ਜੱਗਾ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਆਈਆਰਬੀ ਜੇਲ੍ਹ ਅੰਦਰ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹੈ। ਇਸ ਤੋਂ ਬਾਅਦ ਉਸ ਦੀਆਂ ਗਤੀਵਿਧੀਆਂ ’ਤੇ ਜੇਲ੍ਹ ਵਿਭਾਗ ਦੀ ਨਜ਼ਰ ਸੀ। ਬੀਤੇ ਦਿਨ ਉਨ੍ਹਾਂ ਨੂੰ ਉਸ ਦੀਆਂ ਗਤੀਵਿਧੀਆਂ ਸ਼ੱਕੀ ਲੱਗੀਆਂ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਕੁੱਲ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਸਹਾਇਕ ਸੁਪਰਡੈਂਟ (ਜੇਲ੍ਹ) ਨਰੇਸ਼ਪਾਲ ਦੀ ਸ਼ਿਕਾਇਤ ਤੋਂ ਬਾਅਦ ਇਸਲਾਮਾਬਾਦ ਪੁਲੀਸ ਨੇ ਦੋਵਾਂ ਵਿਰੁੱਧ ਐਨਡੀਪੀਐਸ ਐਕਟ ਦੀ ਧਾਰਾ 22-ਬੀ ਅਤੇ ਜੇਲ੍ਹ ਐਕਟ ਦੀ ਧਾਰਾ 42 ਦੇ ਤਹਿਤ ਕੇਸ ਦਰਜ ਕੀਤਾ ਹੈ।