ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 30 ਨਵੰਬਰਸਨਅਤੀ ਸ਼ਹਿਰ ਦੇ ਸਮਰਾਲਾ ਚੌਕ ਨੇੜੇ ਅੱਜ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਚਾਲਕ ਨੇ ਪੈਦਲ ਰਾਹਗੀਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਰਾਹਗੀਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਥੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਮੌਕੇ ’ਤੇ ਬੱਸ ਚਾਲਕ ਤੇ ਲੋਕਾਂ ਵਿਚਾਲੇ ਬਹਿਸ ਵੀ ਹੋਈ, ਵਿਵਾਦ ਵਧਣ ’ਤੇ ਪਰਵਾਸੀ ਮਜ਼ਦੂਰਾਂ ਨੇ ਇਸ ਘਟਨਾ ਦਾ ਵਿਰੋਧ ਕਰਦਿਆਂ ਬੱਸ ਚਾਲਕ ਦੀ ਕੁੱਟਮਾਰ ਵੀ ਕੀਤੀ।ਇਸ ਮੌਕੇ ਮਾਮਲੇ ਨੂੰ ਸੁਲਝਾਉਣ ਲਈ ਵਿੱਚ ਪਏ ਪੁਲੀਸ ਮੁਲਾਜ਼ਮਾਂ ਨਾਲ ਵੀ ਪਰਵਾਸੀ ਮਜ਼ਦੂਰਾਂ ਨੇ ਹੱਥੋਪਾਈ ਕੀਤੀ। ਇਸ ਘਟਨਾ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਜ਼ਖਮੀ ਨੌਜਵਾਨ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਮੌਕੇ ’ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ ਤੇ ਆਵਾਜਾਈ ਬਹਾਲ ਕਰਵਾਈ।