ਕੈਬਨਿਟ ਮੰਤਰੀ ਨੇ ਪੰਜ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 20 ਅਗਸਤ
ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਸ ਦੇ ਆਧਾਰ ਉੱਪਰ ਪੰਜ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ 46 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਦੇਸ਼ ਵਿੱਚ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾੳਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ। ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿੱਚ ਇਹ ਕੰਮ ਕਰਦੀਆਂ ਸਨ, ਪਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਜੋ ਗਾਰੰਟੀਆਂ ਕੀਤੀਆਂ ਸਨ, ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਕੈਬਿਨਟ ਮੰਤਰੀ ਨੇ ਇਸ ਦੌਰਾਨ ‘ਰੁੱਖ ਲਗਾਓ ਮਨੁੱਖਤਾ ਬਚਾਓ’ ਦੀ ਮੁਹਿੰਮ ਤਹਿਤ ਸਥਾਨਕ ਪੀਐੱਸਪੀਸੀਐਲ ਦੇ ਕੰਪਲੈਕਸ ਵਿੱਚ ਬੂਟੇ ਲਗਾਏ ਅਤੇ ਜਨਤਾ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੀਐੱਸਪੀਸੀਐੱਲ ਦੇ ਸਟਾਫ ਵੱਲੋਂ ਲਗਭਗ 100 ਦੇ ਕਰੀਬ ਬੂਟੇ ਲਗਾਏ ਗਏ। ਕੈਬਨਿਟ ਮੰਤਰੀ ਈਟੀਓ ਨੇ ਇਲਾਕੇ ਵਿੱਚ ਵੱਖ-ਵੱਖ ਪਿੰਡ ਦੇ ਖਪਤਕਾਰਾਂ ਨੂੰ 26.08 ਲੱਖ ਦੀ ਲਾਗਤ ਦੇ ਨਵੇਂ ਟਰਾਸਫਾਰਮਰਾਂ ਨੂੰ ਲਗਾਉਣ ਲਈ ਪ੍ਰਵਾਨਗੀਆਂ ਸਬੰਧਤ ਲਾਭਪਾਤਰੀਆਂ ਨੂੰ ਸੌਪੀਆਂ। ਇਸ ਮੌਕੇ ਕੈਬਿਨਟ ਮੰਤਰੀ ਦੇ ਮਾਤਾ ਜੀ ਸੁਰਿੰਦਰ ਕੌਰ, ਉਨ੍ਹਾਂ ਦੀ ਪਤਨੀ ਸੁਹਿੰਦਰ ਕੌਰ, ਚੇਅਰਮੈਨ ਗੁਰਵਿੰਦਰ ਸਿੰਘ, ਮਨਜੀਤ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਆਦਿ ਮੌਜੂਦ ਸਨ।