ਕੈਬਨਿਟ ਮੰਤਰੀ ਵੱਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਜਲੰਧਰ, 3 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 21 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਆਰੰਭ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮਿਆਰੀ ਢੰਗ ਨਾਲ ਮੁਕੰਮਲ ਕਰਕੇ ਨਵੇਂ ਵਿਕਾਸ ਕਾਰਜਾਂ ਦੇ ਤਖਮੀਨੇ ਭੇਜੇ ਜਾਣ ਤਾਂ ਜੋ ਇਨ੍ਹਾਂ ਲਈ ਹੋਰ ਵਿਕਾਸ ਫੰਡ ਜਾਰੀ ਕੀਤੇ ਜਾ ਸਕਣ। ਉਨ੍ਹਾਂ ਵਲੋਂ ਪਿੰਡ ਪੱਤੀ ਕਾਹਨਪੁਰ ਵਿਖੇ 9 ਲੱਖ ਰੁਪਏ ਅਤੇ ਪਿੰਡ ਰਾਊਵਾਲੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।