ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰਹੇਗੀ: ਮਾਨ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 30 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰਹੇਗੀ ਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਸਦਕਾ ਪੰਜਾਬ ਵੱਲ ਨੌਜਵਾਨਾਂ ਦਾ ਉਲਟਾ ਪਰਵਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਮੁੜ ਰਹੇ ਹਨ। ਉਨ੍ਹਾਂ ਦਿੜ੍ਹਬਾ ਵਿੱਚ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਇਹ ਸਬ-ਡਿਵੀਜ਼ਨਲ ਕੰਪਲੈਕਸ 10.80 ਕਰੋੜ ਰੁਪਏ ਨਾਲ ਉਸਾਰਿਆ ਗਿਆ ਹੈ, ਜਿਸ ਵਿੱਚ ਸਾਰੇ ਹੀ ਸਰਕਾਰੀ ਦਫ਼ਤਰ ਛੱਤ ਹੇਠ ਆ ਗਏ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਨਹਿਰੀ ਪਾਣੀ ਉਨ੍ਹਾਂ ਖੇਤਾਂ ਵਿੱਚ ਵੀ ਪੁੱਜਦਾ ਕੀਤਾ ਹੈ, ਜਿੱਥੇ ਪਿਛਲੇ ਚਾਰ ਦਹਾਕਿਆਂ ਤੋਂ ਪਾਣੀ ਨਹੀਂ ਸੀ ਆਇਆ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਨਹਿਰਾਂ ਦਾ ਪਾਣੀ 21 ਫ਼ੀਸਦੀ ਵਰਤਿਆ ਜਾ ਰਿਹਾ ਸੀ ਪਰ ਹੁਣ 84 ਫ਼ੀਸਦੀ ਤੱਕ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਇੱਕ ਮੀਟਰ ਦੇ ਕਰੀਬ ਵਧਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਹਰ ਚੀਜ਼ ’ਤੇ ਟੈਕਸ ਦਿੰਦੇ ਹਨ ਤਾਂ ਫਿਰ ਟੈਕਸ ਦੇ ਰੂਪ ਵਿੱਚ ਇਕੱਠਾ ਹੋਇਆ ਪੈਸਾ ਉਨ੍ਹਾਂ ਦੀਆਂ ਸਹੂਲਤਾਂ ’ਤੇ ਹੀ ਲੱਗਣਾ ਚਾਹੀਦਾ ਹੈ।
ਮੁੱਖ ਮੰਤਰੀ ਸ੍ਰੀ ਮਾਨ ਨੇ ਦੋਸ਼ ਲਾਇਆ ਕਿ ਦੂਜੀਆਂ ਪਾਰਟੀਆਂ ਧਰਮ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਵਰਤਦੀਆਂ ਆ ਰਹੀਆਂ ਹਨ ਪਰ ਉਹ ਧਰਮ ਦੀ ਰਾਜਨੀਤੀ ਨਹੀਂ ਬਲਕਿ ਪੰਜਾਬ ਦੀ ਤਰੱਕੀ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਦੇ ਢਾਈ ਲੱਖ ਬੱਚੇ ਨਿੱਜੀ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਹਨ ਕਿਉਂਕਿ ਉੱਥੋਂ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਯਕੀਨ ਬਣ ਗਿਆ ਹੈ।
ਜਲਦ ਬਣੇਗਾ ਇਨਡੋਰ ਸਟੇਡੀਅਮ: ਵਿੱਤ ਮੰਤਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਬ-ਡਿਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ ਸਾਲ ਪਹਿਲਾਂ ਰੱਖਿਆ ਸੀ, ਜੋ ਬਹੁਤ ਘੱਟ ਸਮੇਂ ਅੰਦਰ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਦਿੜ੍ਹਬਾ ਵਿੱਚ ਇਨਡੋਰ ਸਟੇਡੀਅਮ ਵੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਡੀਆਈਜੀ ਮਨਦੀਪ ਸਿੰਘ ਸਿੱਧੂ, ਵਿਧਾਇਕਾ ਨਰਿੰਦਰ ਕੌਰ ਭਰਾਜ, ਡੀਸੀ ਸੰਦੀਪ ਰਿਸ਼ੀ, ਐੱਸਡੀਐੱਮ ਰਾਜੇਸ਼ ਸ਼ਰਮਾ, ਦਰਸ਼ਨ ਘੁਮਾਣ ਦਿੜ੍ਹਬਾ, ਇੰਦਰਜੀਤ ਸ਼ਰਮਾ ਤੇ ਅਜੈ ਸਿੰਗਲਾ ਮੌਜੂਦ ਸਨ।