ਕਿਸਾਨਾਂ ਦਾ ਕਾਫ਼ਲਾ ਭਵਾਨੀਗੜ੍ਹ ਤੋਂ ਪਿੱਪਲੀ ਪੁੱਜਿਆ
ਪੱਤਰ ਪ੍ਰੇਰਕ
ਭਵਾਨੀਗੜ੍ਹ, 12 ਜੂਨ
ਸੂਰਜਮੁਖੀ ਦਾ ਘੱਟੋ ਘੱਟ ਸਮਰਥਨ ਮੁੱਲ ਲੈਣ ਲਈ ਸੰਘਰਸ਼ ਕਰ ਰਹੇ ਹਰਿਆਣਾ ਦੇ ਕਿਸਾਨਾਂ ਦੀ ਹਮਾਇਤ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਭਵਾਨੀਗੜ੍ਹ ਤੋਂ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਬੱਸਾਂ ਅਤੇ ਗੱਡੀਆਂ ਰਾਹੀਂ ਪਿੱਪਲੀ ਲਈ ਰਵਾਨਾ ਹੋਇਆ।
ਜ਼ਿਕਰਯੋਗ ਹੈ ਕਿ ਸੂਰਜਮੁਖੀ ਦਾ ਘੱਟੋ ਘੱਟ ਸਮਰਥਨ ਮੁੱਲ 6400 ਰੁਪਏ ਹੈ, ਪਰ ਹਰਿਆਣਾ ਦੇ ਕਿਸਾਨਾਂ ਤੋਂ ਵਪਾਰੀ ਸਿਰਫ 3500-4000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਰਜਮੁਖੀ ਖਰੀਦ ਰਹੇ ਹਨ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਪੁਰਾ ਨੇ ਦੱਸਿਆ ਕਿ ਹਰਿਆਣਾ ਸਰਕਾਰ ‘ਭਾਵਾਂਤਰ ਭਰਪਾਈ ਸਕੀਮ’ ਅਨੁਸਾਰ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਦੇਣ ਲਈ ਸਹਿਮਤ ਹੋਈ ਹੈ, ਪਰ ਇਸ ਤਰ੍ਹਾਂ ਵੀ ਕਿਸਾਨਾਂ ਨੂੰ ਸੂਰਜਮੁਖੀ ਤੇ ਐੱਮਐੱਸਪੀ ਨਾਲੋਂ 1500 ਰੁਪਏ ਪ੍ਰਤੀ ਕੁਇੰਟਲ ਦਾ ਘਾਟਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕਿਸਾਨਾਂ ਵੱਲੋਂ ਅਜੰਡੇ ‘ਤੇ ਲਿਆਂਦੀ ਗਈ ਐੱਮਐੱਸਪੀ ਦੀ ਲੜਾਈ ਹੁਣ ਰੁਕਣ ਨਹੀਂ ਦਿੱਤੀ ਜਾਵੇਗੀ।
ਹਰਿਆਣਾ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ, ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਸੀ-2 ਜਮਾਂ 50 ਫ਼ੀਸਦੀ ਕੀਮਤ ਲੈਣ ਲਈ ਅਤੇ ਇਸ ਕੀਮਤ ਤੇ ਫਸਲਾਂ ਦੀ ਖ਼ਰੀਦ ਦੀ ਗਰੰਟੀ ਲਈ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਕਾਫ਼ਲੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਕਿਸਾਨ ਵਰਕਰ ਸ਼ਾਮਲ ਸਨ।