ਕਾਂਗਰਸ ਦੇ ‘ਪੰਜੇ’ ਦੀ ਤੁਲਨਾ ‘ਨਾਨਕ’ ਦੇ ਪੰਜੇ ਨਾਲ ਕਰਨ ਦਾ ਮਾਮਲਾ ਭਖ਼ਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਪਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਸਖ਼ਤ ਤਾੜਨਾ ਕੀਤੀ ਹੈ ਅਤੇ ਇਸ ਗਲਤੀ ਦਾ ਤੁਰੰਤ ਪਸ਼ਚਾਤਾਪ ਕਰਨ ਲਈ ਆਖਿਆ ਹੈ। ਦੂਜੇ ਪਾਸੇ ਅੱਜ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਮੁਆਫ਼ੀ ਮੰਗ ਲਈ ਹੈ ਪਰ ਸ੍ਰੀ ਅਕਾਲ ਤਖ਼ਤ ਵੱਲੋਂ ਫਿਲਹਾਲ ਉਸ ਦੀ ਮੁਆਫ਼ੀ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਸਾਹਿਬ ਦੇ ਪੰਜੇ ਨਾਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਕੀਤੀ ਗਈ ਹੈ। ਉਨ੍ਹਾਂ ਅੰਮ੍ਰਿਤਾ ਵੜਿੰਗ ਖ਼ਿਲਾਫ਼ ਸਖਤ ਕਾਰਵਾਈ ਦੀ ਅਪੀਲ ਕੀਤੀ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲੈਂਦਿਆਂ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਰਾਜਸੀ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਸ਼ਚਾਤਾਪ ਕਰੇ ਅਤੇ ਸਿਆਸੀ ਪ੍ਰਚਾਰ ਅਤੇ ਸਿਆਸੀ ਹਿੱਤਾਂ ਖਾਤਰ ਕਿਸੇ ਵੀ ਰੂਪ ਵਿੱਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਗੁਰੇਜ਼ ਕਰਨ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਰਾਜਸੀ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸੋਸ਼ਲ ਮੀਡੀਆ ’ਤੇ ਅੰਮ੍ਰਿਤਾ ਵੜਿੰਗ ਨੇ ਮੁਆਫ਼ੀ ਮੰਗੀ
ਮਾਮਲੇ ਨੂੰ ਭਖਦਾ ਦੇਖ ਕੇ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਹੋਈ ਇਸ ਗਲਤੀ ਲਈ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ ਹੈ। ਆਪਣੇ ਵੱਖ-ਵੱਖ ਸੋਸ਼ਲ ਮੀਡੀਆ ਖਾਤੇ ਵਿੱਚ ਦਰਜ ਕੀਤੀ ਇਸ ਵੀਡੀਓ ਵਿੱਚ ਉਹ ਕਹਿ ਰਹੀ ਹੈ ਕਿ ਉਸ ਕੋਲੋਂ ਅਣਜਾਣੇ ਵਿੱਚ ਇਹ ਗਲਤੀ ਹੋਈ ਹੈ, ਜਿਸ ਲਈ ਉਸ ਨੂੰ ਮੁਆਫ਼ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਇੱਕ ਅਧਿਕਾਰੀ ਨੇ ਆਖਿਆ ਕਿ ਇਸ ਸਬੰਧੀ ਕੋਈ ਮੁਆਫ਼ੀਨਾਮਾ ਉਨ੍ਹਾਂ ਕੋਲ ਨਹੀਂ ਪੁੱਜਿਆ ਹੈ। ਜਦੋਂ ਇਸ ਸਬੰਧੀ ਕੋਈ ਮੁਆਫ਼ੀ ਪੱਤਰ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੇਗਾ ਤਾਂ ਹੀ ਉਸ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਾ ਵੜਿੰਗ ਵਿਰੁੱਧ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਹੈ। ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਸ੍ਰੀਮਤੀ ਵੜਿੰਗ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।।