ਲਤੀਫ਼ਪੁਰਾ ਮੋਰਚਾ ਜਬਰੀ ਉਠਾਉਣ ਦਾ ਮਾਮਲਾ ਭਖ਼ਿਆ
ਪੱਤਰ ਪ੍ਰੇਰਕ
ਜਲੰਧਰ, 11 ਫ਼ਰਵਰੀ
ਕਮਿਸ਼ਨਰੇਟ ਪੁਲੀਸ ਵੱਲੋਂ ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਜਬਰੀ ਉਠਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਲਤੀਫ਼ਪੁਰਾ ਵਾਸੀਆਂ ਨੇ ਵਿਰੋਧ ਕੀਤਾ। ਬੀਤੀ ਦੇਰ ਸ਼ਾਮ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ ਅਤੇ ਐੱਸ.ਡੀ.ਐੱਮ. ਬਲਬੀਰ ਰਾਜ ਨਾਲ ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਦੇ ਆਗੂਆਂ ਸੰਤੋਖ ਸਿੰਘ ਸੰਧੂ, ਡਾ. ਗੁਰਦੀਪ ਸਿੰਘ ਭੰਡਾਲ, ਸੁਖਜੀਤ ਸਿੰਘ ਡਰੋਲੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ, ਮੋਹਣ ਸਿੰਘ ਫੌਜੀ, ਮੰਗਾ ਸਿੰਘ, ਮਹਿੰਦਰ ਸਿੰਘ, ਰਾਜਵਿੰਦਰ ਕੌਰ ਆਦਿ ਨੇ ਕਈ ਘੰਟੇ ਮੀਟਿੰਗ ਕਰਕੇ ਸਪਸ਼ਟ ਕੀਤਾ ਕਿ ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ। ਕਿਸੇ ਵੀ ਸੂਰਤ ਵਿੱਚ ਮੋਰਚਾ ਖ਼ਤਮ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਅਧਿਕਾਰੀਆਂ ਨੇ ਆਗੂਆਂ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਤੀਫ਼ਪੁਰਾ ਸਬੰਧੀ ਨਵਾਂ ਹੁਕਮ ਪਾਸ ਕਰਕੇ ਚੱਲ ਰਿਹਾ ਮੋਰਚਾ, ਧਰਨਾ ਖ਼ਤਮ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਪਾਸ ਕੀਤਾ ਹੈ ਅਤੇ ਧਰਨਾ ਖ਼ਤਮ ਕਰਵਾ ਕੇ ਰਿਪੋਰਟ ਹਾਈ ਕੋਰਟ ਵਿੱਚ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ 47 ਦੀ ਵੰਡ ਵੇਲੇ ਪਾਕਿਸਤਾਨ ਤੋਂ ਉਜੜ ਕੇ ਲਤੀਫ਼ਪੁਰਾ ਵਿਖੇ ਵਸਦੇ ਲੋਕਾਂ ਨੂੰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਸੰਬਰ 2022 ਨੂੰ ਉਨ੍ਹਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾ ਕੇ ਮੁੜ ਉਜਾੜ ਦਿੱਤਾ ਸੀ। ਆਗੂਆਂ ਨੇ ਮੰਗ ਕੀਤੀ ਕਿ ਉਜਾੜੇ ਲੋਕਾਂ ਦਾ ਮੁੜ ਵਸੇਬਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਅੱਜ ਸ਼ਾਮ ਵੇਲੇ ਮੁੱਖ ਮੰਤਰੀ ਅਤੇ ਚੇਅਰਮੈਨ ਜਗਤਾਰ ਸੰਘੇੜਾ ਦਾ ਪੁਤਲਾ ਫ਼ੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।