ਐੱਮਬੀਬੀਐੱਸ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਭਖਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ
ਦਿੱਲੀ ਦੇ ਬਾਬਾ ਸਾਹਿਬ ਅੰਬੇਡਕਰ ਮੈਡੀਕਲ ਕਾਲਜ ਦੀਆਂ ਐੱਮਬੀਬੀਐੱਸ ਦੀਆਂ ਦਰਜਨ ਤੋਂ ਵੱਧ ਵਿਦਿਆਰਥਣਾਂ ਵੱਲੋਂ ਇੱਕ ਸਹਾਇਕ ਪ੍ਰੋਫੈਸਰ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਦਖਲ ਦਿੱਤਾ ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਕਥਿਤ ਅਧਿਆਪਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ। ਸ਼ੁਰੂ ਵਿੱਚ ਕਾਲਜ ਦੀਆਂ ਦੋ ਲੜਕੀਆਂ ਨੇ ਸ਼ਿਕਾਇਤ ਕੀਤੀ ਸੀ ਕਿ 31 ਜਨਵਰੀ ਨੂੰ ਉਨ੍ਹਾਂ ਦੀ ਐੱਮਬੀਬੀਐੱਸ ਵੀਵਾ ਦੌਰਾਨ ਇੱਕ ਸਹਾਇਕ ਪ੍ਰੋਫੈਸਰ ਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾਂ ਨੇ 22 ਫਰਵਰੀ ਨੂੰ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਇਸੇ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਉਪ ਰਾਜਪਾਲ ਨੂੰ ਅਪੀਲ ਕੀਤੀ ਹੈ। ਸ੍ਰੀ ਭਾਰਦਵਾਜ ਨੇ ਮੈਡੀਕਲ ਕਾਲਜ ਵਿਚ ਵਿਦਿਆਰਥਣਾਂ ਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਸਵਾਲ ਕੀਤਾ ਕਿ ਸਕੱਤਰ (ਸਿਹਤ) ਨੇ ਜਿਨਸੀ ਸ਼ੋਸ਼ਣ ਦੀ ਘਟਨਾ ਦੀ ਰਿਪੋਰਟ ਕਿਉਂ ਨਹੀਂ ਕੀਤੀ ਤੇ ਮੁੱਖ ਸਕੱਤਰ ਉਸ ਦਾ ਬਚਾਅ ਕਿਉਂ ਕਰ ਰਹੇ ਹਨ। ਇਸ ਤੋਂ ਪਹਿਲਾਂ 18 ਮਾਰਚ ਨੂੰ ਸਿਹਤ ਮੰਤਰੀ ਨੇ ਸਪੱਸ਼ਟ ਤੌਰ ’ਤੇ ਮੁੱਖ ਸਕੱਤਰ ਨੂੰ ਰੋਹਿਣੀ ਵਿੱਚ ਐੱਮਬੀਬੀਐੱਸ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਮੰਤਰੀ ਨੇ ਵਿਦਿਆਰਥਣਾਂ ਨੂੰ ਆਪਣੀ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਉਣ ’ਤੇ ਪ੍ਰਿੰਸੀਪਲ ਅਤੇ ਐੱਚਓਡੀ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
ਮੰਤਰੀ ਨੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ, ‘‘ਇਹ ਦੇਖ ਕੇ ਹੈਰਾਨ ਹਾਂ ਕਿ ਮੁੱਖ ਸਕੱਤਰ ਬਹਾਨੇ ਬਣਾ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।’’ ਸਿਹਤ ਮੰਤਰੀ ਵੱਲੋਂ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਸਕੱਤਰ (ਸਿਹਤ) ਨੂੰ ਸਪੱਸ਼ਟ ਹਦਾਇਤਾਂ ਸਨ, ਵਿਜੀਲੈਂਸ ਵਿਭਾਗ ਅਤੇ ਸਿਹਤ ਵਿਭਾਗ ਸਮੇਂ ਸਿਰ ਕਾਰਵਾਈ ਕਰਨ ਵਿੱਚ ਅਸਫਲ ਰਹਿਣ ’ਤੇ ਪੀੜਤਾਂ ਨੂੰ ਪੁਲੀਸ ਕੋਲ ਪਹੁੰਚ ਕਰਨੀ ਪਈ। ਅੰਦਰੂਨੀ ਸ਼ਿਕਾਇਤ ਕਮੇਟੀ ਮਾਮਲੇ ਨੂੰ ਘਸੀਟ ਰਹੀ ਸੀ ਤੇ ਡੇਢ ਮਹੀਨਿਆਂ ਵਿੱਚ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ।’’
ਉੱਤਰੀ ਰੋਹਿਣੀ ਥਾਣੇ ਵਿੱਚ ਦਰਜ ਐੱਫਆਈਆਰ ਦੇ ਅਨੁਸਾਰ ਵਿਦਿਆਰਥਣ ਨੇ ਦੋਸ਼ ਲਾਇਆ ਕਿ 31 ਜਨਵਰੀ ਨੂੰ ਫਾਰਮਾਕੋਲੋਜੀ ਵਿਭਾਗ ਵਿੱਚ ਇੱਕ ਪ੍ਰੈਕਟੀਕਲ ਪ੍ਰੀਖਿਆ ਦੌਰਾਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਦੁਆਰਾ ਉਸ ਨੂੰ ਅਣਉਚਿਤ ਸਵਾਲ ਕੀਤੇ ਗਏ ਸਨ, ਜਿਨ੍ਹਾਂ ਨੇ ਉਸ ਨੂੰ ਬੇਚੈਨ ਮਹਿਸੂਸ ਕਰਵਾਇਆ।