ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਹਾਈ ਕੋਰਟ ਪੁੱਜਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਫਰਵਰੀ
ਖਨੌਰੀ ਹੱਦ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ ਹਾਈ ਕੋਰਟ ਪੁੱਜ ਗਿਆ ਹੈ। ਇਸ ਬਾਰੇ ਵਕੀਲ ਹਰਿੰਦਰਪਾਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦਿਆਂ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਹਰਿੰਦਰਪਾਲ ਨੇ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਨੌਜਵਾਨਾਂ ’ਤੇ ਅਥਰੂ ਗੈਸ ਦੇ ਗੋਲਿਆਂ ਦੇ ਨਾਲ-ਨਾਲ ਪੈਲੇਟ ਗੰਨ ਅਤੇ ਰਬੜ ਗੰਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਭਕਰਨ ’ਤੇ ਵੀ ਪੈਲੇਟ ਗੰਨ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਸਹੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਜੇ ਪੁਲੀਸ ਇਸ ਮਾਮਲੇ ਦੀ ਸਹੀ ਜਾਂਚ ਕਰਦੀ ਤਾਂ ਪੁਲੀਸ ਨੂੰ ਪਹਿਲਾਂ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਤੋਂ 24 ਘੰਟੇ ਬਾਅਦ ਤੱਕ ਕੇਸ ਦਰਜ ਨਹੀਂ ਕੀਤਾ ਗਿਆ। ਇਸ ਲਈ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ, ਜਿਸ ਨਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਤੋਂ ਇਲਾਵਾ ਅੱਜ ਹਾਈ ਕੋਰਟ ਵਿੱਚ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਨੂੰ ਖਾਲੀ ਕਰਵਾਉਣ ਸਬੰਧੀ ਇਕ ਹੋਰ ਪਟੀਸ਼ਨ ਪਾਈ ਗਈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਚੱਲ ਰਹੀ ਹੈ।