ਬਿਜਲੀ ਕਰਮੀ ਦੀ ਮੌਤ ਦਾ ਮਾਮਲਾ: ਪਾਵਰਕੌਮ ਮੁਲਾਜ਼ਮਾਂ ਵੱਲੋਂ ਧਰਨਾ
ਸ਼ਸ਼ੀ ਪਾਲ ਜੈਨ
ਖਰੜ, 6 ਜੁਲਾਈ
ਖਰੜ ਦੇ ਸਿਵਲ ਹਸਪਤਾਲ ਰੋਡ ’ਤੇ ਬਿਜਲੀ ਦਾ ਨੁਕਸ ਠੀਕ ਕਰਨ ਮੌਕੇ ਕਰੰਟ ਲੱਗਣ ਕਾਰਨ ਕਰਮਚਾਰੀ ਸਤਵਿੰਦਰ ਸਿੰਘ ਵਾਸੀ ਪਿੰਡ ਮਹਿਤਾਬਗੜ੍ਹ ਦੀ ਹੋਈ ਮੌਤ ਦੇ ਮਾਮਲੇ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਮੁਲਾਜ਼ਮਾਂ ਨੇ ਅੱਜ ਬਿਜਲੀ ਬੋਰਡ ਖਰੜ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਕਰਮਚਾਰੀ ਦੀ ਬੀਤੀ ਰਾਤ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ ਅਤੇ ਖ਼ਬਰ ਭੇਜੇ ਜਾਣ ਤਕ ਉਸਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ।
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਿਜਲੀ ਮੁਲਾਜ਼ਮ ਸਵੇਰ ਤੋਂ ਹੀ ਸੜਕ ਕਿਨਾਰੇ ਧਰਨੇ ’ਤੇ ਬੈਠੇ ਹਨ। ਉਨ੍ਹਾਂ ਸਰਕਾਰ ਤੇ ਪਾਵਰਕੌਮ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੇ ਦੋਸ਼ ਲਾਇਆ ਕਿ ਸਤਵਿੰਦਰ ਸਿੰਘ ਦੀ ਮੌਤ ਲਈ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਜ਼ਿੰਮੇਵਾਰ ਹੈ। ਯੂਨੀਅਨ ਲਗਾਤਾਰ ਇਹ ਮੰਗ ਕਰਦੀ ਆ ਰਹੀ ਹੈ ਕਿ ਠੇਕੇਦਾਰੀ ਪ੍ਰਬੰਧ ਬੰਦ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਪਹਿਲੀ ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਸਨ ਅਤੇ ਉਨ੍ਹਾਂ ਕਾਰਵਾਈ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਮੁਲਾਜ਼ਮਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ, ਪੱਕੀ ਪੈਨਸ਼ਨ ਦੀ ਗਾਰੰਟੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਖਰੜ ਦੇ ਐੱਸਡੀਐੱਮ ਗੁਰਮੰਦਰ ਸਿੰਘ ਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਸਫ਼ਲ ਨਹੀਂ ਹੋ ਸਕੇ। ਐੱਸਡੀਐੱਮ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਵਿਸ਼ੇਸ਼ ਕੇਸ ਬਣਾ ਕੇ ਸਰਕਾਰ ਨੂੰ ਭੇਜਣਗੇ।