ਹਾਦਸੇ ਵਿੱਚ ਨੌਜਵਾਨ ਦੀ ਮੌਤ ਦਾ ਮਾਮਲਾ ਭਖਿਆ
ਪੱਤਰ ਪ੍ਰੇਰਕ
ਬਠਿੰਡਾ, 4 ਜੁਲਾਈ
ਜ਼ਿਲ੍ਹੇ ਦੇ ਪਿੰਡ ਜੰਡਾਂ ਵਾਲਾ ਦੇ ਇੱਕ ਵਿਅਕਤੀ ਸਤਨਾਮ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦਾ ਮਾਮਲਾ ਮਾਮਲਾ ਗਰਮਾ ਗਿਆ ਹੈ। ਇਸ ਸਬੰਧੀ ਅੱਜ ਪਿੰਡ ਜੰਡਾਂ ਦੇ ਵਸਨੀਕਾਂ ਦਾ ਵਫ਼ਦ ਥਾਣਾ ਨੇਹੀਆਂਵਾਲਾ ਦੇ ਮੁੱਖ ਅਫ਼ਸਰ ਨੂੰ ਮਿਲਿਆ ਅਤੇ ਪੁਲੀਸ ’ਤੇ ਢਿੱਲੀ ਕਾਰਗੁਜ਼ਾਰੀ ਦੋਸ਼ ਲਾਉਂਦੇ ਹੋਏ ਹਾਦਸੇ ਲਈ ਕਥਿਤ ਜ਼ਿੰਮੇਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਨੇ ਪੁਲੀਸ ਨੂੰ ਦੱਸਿਆ ਬੀਤੀ 26 ਜੂਨ ਨੂੰ ਉਸ ਦਾ ਪਤੀ ਸਤਨਾਮ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਜੰਡਾਂ ਵਾਲਾ ਨੇੜੇ ਜਾ ਰਿਹਾ ਸੀ ਤਾਂ ਇੱਕ ਕਾਰ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਸਥਾਨਕ ਪੁਲੀਸ ਨੇ ਕਾਰ ਚਾਲਕ ਪ੍ਰਭਜਿੰਦਰ ਸਿੰਘ ਪੁੱਤਰ ਬਸੰਤ ਵਾਸੀ ਬਲਹਾੜ ਮਹਿਮਾ ਖ਼ਿਲਾਫ਼ 27 ਜੂਨ ਨੂੰ ਕੇਸ ਦਰਜ ਕੀਤਾ ਸੀ, ਪਰ ਹਾਲੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਪ੍ਰਭਜਿੰਦਰ ਸਿੰਘ ਇਕ ਮੁਲਾਜ਼ਮ ਹੈ। ਇਸ ਦੌਰਾਨ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਤੇ ਕ੍ਰਾਂਤੀਕਾਰੀ ਯੂਨੀਅਨ ਦੇ ਪ੍ਰਧਾਨ ਕੁਲਜਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਅਧਿਕਾਰੀਆਂ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਥਾਣਾ ਨੇਹੀਆ ਵਾਲਾ ਦੇ ਮੁੱਖ ਅਫ਼ਸਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।