ਤਿੰਨ ਨੌਜਵਾਨਾਂ ਦੀ ਮੌਤ ਦਾ ਮਾਮਲਾ ਭੇਤ ਬਣਿਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਸਥਾਨਕ ਫਤਿਹਗੜ੍ਹ ਚੂੜੀਆਂ ਬਾਈਪਾਸ ਰੋਡ ’ਤੇ ਬੀਤੀ ਰਾਤ ਕਥਿਤ ਤੌਰ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਦੀ ਮੌਤ ਦਾ ਮਾਮਲਾ ਭੇਤ ਬਣਿਆ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਸਾਹਿਲ, ਤਰਲੋਚਨ ਸਿੰਘ ਅਤੇ ਜਤਿੰਦਰ ਸਿੰਘ ਸਾਰੇ ਵਾਸੀ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨਵੀ ਅਬਾਦੀ ਵਜੋਂ ਹੋਈ ਹੈ।
ਇਹ ਸਾਰੇ ਇੱਕ ਰਿਕਵਰੀ ਏਜੰਸੀ ਲਈ ਕੰਮ ਕਰਦੇ ਸਨ। ਇਸ ਮਾਮਲੇ ਵਿਚ ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ ਪਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਇੱਕ ਸਾਜ਼ਿਸ਼ ਤਹਿਤ ਮਾਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਰਹੇ ਸਨ।
ਪੁਲੀਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਅਤੇ ਬਾਅਦ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕਾਂ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ। ਬੀਤੀ ਰਾਤ ਉਹ ਮੋਟਰਸਾਈਕਲ ’ਤੇ ਬਾਈਪਾਸ ’ਤੇ ਆਪਣੇ ਦੋਸਤ ਨੂੰ ਮਿਲਣ ਲਈ ਗਏ ਸਨ ਪਰ ਉਹ ਘਰ ਵਾਪਸ ਨਹੀਂ ਆਏ। ਸਵੇਰੇ ਉਨ੍ਹਾਂ ਦੀ ਮੌਤ ਹੋਣ ਬਾਰੇ ਪਤਾ ਲੱਗਾ।
ਮ੍ਰਿਤਕ ਸਾਹਿਲ ਦੀ ਭੈਣ ਆਂਚਲ ਨੇ ਦੋਸ਼ ਲਾਇਆ ਕਿ ਉਸ ਦੇ ਅਤੇ ਉਸ ਦੇ ਦੋਸਤਾਂ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਸੱਟਾਂ ਦੇ ਨਿਸ਼ਾਨ ਸਨ। ਤਰਲੋਚਨ ਦੀ ਪਤਨੀ ਪ੍ਰੀਤ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ ਅਤੇ ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਵਿੱਚ ਵਿਰੋਧੀ ਧਿਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਧਮਕੀਆਂ ਵੀ ਮਿਲ ਰਹੀਆਂ ਸਨ। ਥਾਣਾ ਸਦਰ ਦੇ ਐੱਸਐੱਚਓ ਵਿਨੋਦ ਕੁਮਾਰ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ’ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਵੇਲੇ ਇਹ ਸੜਕ ਹਾਦਸੇ ਦਾ ਮਾਮਲਾ ਜਾਪਦਾ ਹੈ।