ਐਤੀਆਣਾ ’ਚ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਸੰਤੋਖ ਗਿੱਲ
ਗੁਰੂਸਰ ਸੁਧਾਰ, 11 ਦਸੰਬਰ
ਐਤੀਆਣਾ ’ਚ ਕਿਸਾਨ ਆਗੂਆਂ ਨੇ ਪਿੰਡ ਦੀ ਸਹਿਕਾਰੀ ਸਭਾ ਨੇ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੀ ਕੇਂਦਰ ਨਾਲ ਮਿਲੀਭੁਗਤ ਰਾਹੀਂ ਅੰਦੋਲਨਕਾਰੀ ਕਿਸਾਨਾਂ ’ਤੇ ਜ਼ੁਲਮ ਢਾਹ ਰਹੀ ਹੈ।
ਇਸ ਤੋਂ ਪਹਿਲਾਂ ਆਗੂਆਂ ਤੇ ਪਿੰਡ ਦੇ ਲੋਕਾਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਪਿੰਡ ਢਾਬੀ ਗੁੱਜਰਾਂ ਵਿੱਚ ਪਿਛਲੇ 15 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਦਿਲੀ ਮੋਰਚਾ-2 ਦੀ ਕਾਮਯਾਬੀ ਲਈ ਪਿੰਡ ਐਤੀਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਉਪਰੰਤ ਅਰਦਾਸ ਕੀਤੀ। ਇਸ ਮੌਕੇ ਕਿਸਾਨ ਆਗੂ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਾਬਕਾ ਸਰਪੰਚ ਲਖਵੀਰ ਸਿੰਘ, ਰਛਵਿੰਦਰ ਸਿੰਘ ਘੋਲਾ, ਸੁਖਵਿੰਦਰ ਸਿੰਘ ਝੱਲੀ ਆਦਿ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਪਿਛਲੇ 10 ਮਹੀਨੇ ਤੋਂ ਪੰਜਾਬ ਦੀਆਂ ਸਰਹੱਦਾਂ ਉੱਪਰ ਦਿੱਲੀ ਮੋਰਚਾ-2 ਸ਼ਾਂਤੀ ਪੂਰਵਕ ਢੰਗ ਨਾਲ ਜਾਰੀ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਗੱਲਬਾਤ ਦੇ ਦਰਵਾਜ਼ੇ ਵੀ ਬੰਦ ਕੀਤੇ ਹੋਏ ਹਨ।