ਕੇਂਦਰ ਨੇ ਜਾਣ-ਬੁੱਝ ਕੇ ਗੋਦਾਮ ਖ਼ਾਲੀ ਨਹੀਂ ਕਰਵਾਏ: ਪਵਨ ਟੀਨੂੰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਆਮ ਆਦਮੀ ਪਾਰਟੀ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਕੇਂਦਰ ਨੇ ਜਾਣ-ਬੁੱਝ ਕੇ ‘ਆਪ’ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐੱਫਸੀਆਈ ਤੇ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ ਪਰ ਕੇਂਦਰ ਸਰਕਾਰ ਜਾਣ-ਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਕਾਰਨ ਦੇਸ਼ ਵਿੱਚ ਲਗਪਗ ਛੇ ਦਹਾਕਿਆਂ ਤੋਂ ਅਨਾਜ ਦੀ ਕੋਈ ਕਮੀ ਨਹੀਂ ਹੋਈ ਫਿਰ ਵੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਜੋ ਕਿ ਬੇਹੱਦ ਮੰਦਭਾਗਾ ਅਤੇ ਸ਼ਰਮਨਾਕ ਹੈ। ਟੀਨੂੰ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਇੱਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਮੁੱਖ ਮੰਤਰੀ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੁਲਾਕਾਤ ਦੌਰਾਨ ਕਮਿਸ਼ਨ ਏਜੰਟਾਂ ਅਤੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ 31 ਮਾਰਚ, 2025 ਤੱਕ 120 ਲੱਖ ਮੀਟ੍ਰਿਕ ਟਨ ਅਨਾਜ ਚੁੱਕ ਕੇ ਥਾਂ ਉਪਲਬਧ ਕਰਵਾਈ ਜਾਵੇਗੀ ਅਤੇ ਕੇਂਦਰ ਆਵਾਜਾਈ ਦਾ ਖਰਚਾ ਚੁੱਕਣ ਲਈ ਵੀ ਤਿਆਰ ਹੈ।