ਮੁੱਖ ਮੰਤਰੀ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਾ ਦੇਣ ’ਤੇ ਕੇਂਦਰ ਦਾ ਘਿਰਾਓ
ਸ਼ਗਨ ਕਟਾਰੀਆ
ਬਠਿੰਡਾ, 3 ਅਗਸਤ
‘ਆਪ’ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਓਲੰਪਿਕ ’ਚ ਨਾ ਜਾਣ ਦੇਣ ’ਤੇ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਕੇਂਦਰ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸੁਰੱਖਿਆ ਦੇ ਨਾਂ ’ਤੇ ਰਾਜਨੀਤੀ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਚਾਹੁੰਦੇ ਕਿ ਭਾਰਤ ਦੇ ਕਿਸੇ ਵਿਰੋਧੀ ਨੇਤਾ ਨੂੰ ਕੌਮਾਂਤਰੀ ਮੰਚ ਮਿਲੇ। ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਹਾਕੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉਥੇ ਜਾਣਾ ਚਾਹੁੰਦੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਇਹ ਬਿਲਕੁਲ ਗਲਤ ਹੈ।
ਗਰਗ ਨੇ ਕਿਹਾ ਕਿ ਪਿਛਲੇ ਸਾਲ ਅਰਵਿੰਦ ਕੇਜਰੀਵਾਲ ਨੂੰ ਵੀ ਇਸੇ ਤਰ੍ਹਾਂ ਸਿੰਗਾਪੁਰ ਜਾਣ ਤੋਂ ਰੋਕਿਆ ਗਿਆ ਸੀ। ‘ਆਪ’ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੂੰ ਵੀ ਰੋਕਿਆ ਗਿਆ। ਫਿਲਹਾਲ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਿਸੇ ਸਿਆਸੀ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਹ ਭਾਜਪਾ ਦੀ ਛੋਟੀ ਮਾਨਸਿਕਤਾ ਨੂੰ ਦਰਸਾਉਂਦੀ ਹੈ।