ਕੇਂਦਰ ਨੇ ਪੰਜਾਬ ਦੇ ਸ਼ਹੀਦਾਂ ਦਾ ਮਜ਼ਾਕ ਉਡਾਇਆ: ਭਗਵੰਤ ਮਾਨ
ਗਗਨਦੀਪ ਅਰੋੜਾ
ਲੁਧਿਆਣਾ, 27 ਜਨਵਰੀ
ਇੱਥੋਂ ਦੀ ਪੰਜਾਬ ਖੇਤਾਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਵਸ ਪੰਜਾਬ ਦੇ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਰੇਡ ’ਚੋਂ ਪੰਜਾਬ ਦੀ ਝਾਕੀ ਜਾਣਬੁੱਝ ਕੇ ਬਾਹਰ ਕੀਤੀ ਹੈ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ’ਚ ਗ਼ਲਤ ਕੀ ਸੀ। ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਝਾਕੀ ਵਿੱਚ ਸੂਬੇ ਦੇ ਹਰ ਵਰਗ ਤੇ ਵਿਰਾਸਤ ਦੀ ਮੂਰਤੀ ਵਿਰਾਜਮਾਨ ਸੀ। ਕੇਂਦਰ ਨੇ ਪੰਜਾਬੀਆਂ ਦੇ ਬਲੀਦਾਨਾਂ ਦਾ ਮਜ਼ਾਕ ਉਡਾਇਆ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਸਰਕਾਰ ਨੇ ਸੂਬੇ ਦੀ ਝਾਕੀ ਰੱਦ ਕਰ ਕੇ ਮਾਈ ਭਾਗੋ, ਗ਼ਦਰੀ ਬਾਬਿਆਂ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਕਰਤਾਰ ਸਿੰਘ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ, ਏਕਤਾ ਅਤੇ ਅਖੰਡਤਾ ’ਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਪੰਜਾਬੀਆਂ ਨੇ ਦੇਸ਼ ਖਾਤਰ ਬਹੁਤ ਬਲੀਦਾਨ ਦਿੱਤੇ ਹਨ ਜਿਸ ਕਰ ਕੇ ਗਣਤੰਤਰ ਦਿਵਸ ਪੰਜਾਬ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ 26 ਜਨਵਰੀ ਦਾ ਦਿਨ ਲੰਘਦਾ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਵਸ ਮਨਾਉਣ ਦਾ ਹੱਕ ਹੈ ਪਰ ਬਹੁਤ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਗਣਤੰਤਰ ਦਿਵਸ ਦੀ ਪਰੇਡ ’ਚ ਜਾਣਬੁੱਝ ਕੇ ਸ਼ਾਮਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਨਹੀਂ ਬਲਕਿ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੇ ਹਲਵਾਰਾ ਲੁਧਿਆਣਾ ’ਚ ਬਣਨ ਜਾ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡਾ ਰੱਖਣ ਦਾ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਹਾਲੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਸਰਕਾਰ ਦੀ ਸ਼ਹੀਦਾਂ ਨੂੰ ਨਿੱਕੀ ਜਿਹੀ ਸ਼ਰਧਾਂਜਲੀ ਹੋਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ। ਇਨ੍ਹਾਂ ਕਲੀਨਿਕਾਂ ’ਚ ਹੁਣ ਤੱਕ 97 ਲੱਖ ਦੇ ਕਰੀਬ ਲੋਕ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਸਿੱਖਿਆ ’ਚ ਵੀ ਪੰਜਾਬ ਸਰਕਾਰ ਪੂਰਾ ਕੰਮ ਕਰ ਰਹੀ ਹੈ। ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ ਤੇ ਪਹਿਲੇ ਸਾਲ ’ਚ 8358 ਵਿਦਿਆਰਥੀ ਦਾਖ਼ਲ ਹੋਏ ਹਨ। ਸ੍ਰੀ ਮਾਨ ਨੇ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਖੇਡਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਹੀ ਦਿਸ਼ਾ ਵੱਲ ਵਧ ਰਹੀ ਹੈ ਪੰਜਾਬ ਦੀ ਆਰਥਿਕਤਾ: ਚੀਮਾ
ਜਲੰਧਰ (ਪਾਲ ਸਿੰਘ ਨੌਲੀ): ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਹਰ ਖੇਤਰ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਰਕਾਰ ਵਚਨਬੱਧ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਅਪਣਾਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਦੀ ਦਿਸ਼ਾ ਵੱਲ ਅੱਗੇ ਵਧ ਰਿਹਾ ਹੈ ਅਤੇ ਇਸ ਮੁਹਿੰਮ ਤਹਿਤ 550 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।