ਪੰਜਾਬ ਦੇ ਰੋਕੇ ਹੋਏ ਫੰਡ ਜਾਰੀ ਕਰੇ ਕੇਂਦਰ: ਮਲਵਿੰਦਰ ਕੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਆਯੁੂਸ਼ਮਾਨ ਯੋਜਨਾ ਦੇ ਬਕਾਇਆ ਫੰਡਾਂ ਬਾਰੇ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਦੇ ਬਿਆਨ ਦੀ ਨਿਖੇਧੀ ਕੀਤੀ ਹੈ।
ਮਲਵਿੰਦਰ ਸਿੰਘ ਕੰਗ ਨੇ ਇੱਥੇ ਕਿਹਾ ਕਿ ਆਯੁੂਸ਼ਮਾਨ ਭਾਰਤ ਯੋਜਨਾ ਤਹਿਤ ਕੁੱਲ 376 ਕਰੋੜ ਰੁਪਏ ਦੀ ਰਾਸ਼ੀ ’ਚੋਂ 220 ਕਰੋੜ ਰੁਪਏ ਕੇਂਦਰ ਸਰਕਾਰ ਦੇ ਬਕਾਇਆ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਿਤੈਸ਼ੀ ਹੋਣ ਦਾ ਦਿਖਾਵਾ ਕਰਨ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐਮ) ਦੇ ਫੰਡਾਂ ’ਚੋਂ 950 ਕਰੋੜ ਰੁਪਏ ਰੋਕੇ ਹੋਏ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ, ਮੰਡੀ ਵਿਕਾਸ ਫੰਡ ਸਣੇ ਕੁੱਲ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ ਹੋਏ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਬਕਾਇਆ ਫੰਡ ਤੁਰੰਤ ਜਾਰੀ ਕੀਤੇ ਜਾਣ।
ਪੰਜਾਬ ਨੂੰ ਹਜ਼ਾਰ ਕਰੋੜ ਦੀ ਵਿੱਤੀ ਸਹਾਇਤਾ ਮਿਲੀ: ਸਾਹਨੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਕੇਂਦਰੀ ਵਿੱਤ ਮੰਤਰਾਲੇ ਨੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ। ਸ੍ਰੀ ਸਾਹਨੀ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਸਬੰਧੀ ਆਪਣਾ ਪੱਖ ਰੱਖਿਆ ਸੀ।