ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਧਾਰੀ ਕਰਮਚਾਰੀਆਂ ਦੇ ਕਿਰਪਾਨ ਧਾਰਨ ਕਰਨ ’ਤੇ ਪਾਬੰਦੀ ਖਿਲਾਫ਼ ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

08:18 PM Nov 12, 2024 IST
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੇ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਹੁਕਮਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਸ਼ਾਮਲ ਹੋਣਗੇ।
ਬੈਠਕ ਦੌਰਾਨ ਕੈਨੇਡਾ ਵਿਚ ਮੰਦਰ ’ਤੇ ਹਮਲੇ ਨੂੰ ਲੈ ਕੇ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵੱਲੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵੀਜ਼ੇ ਕੱਟਣ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਬਣ ਰਹੀਆਂ ਵੋਟਰ ਸੂਚੀਆਂ ਸਣੇ ਹੋਰ ਪੰਥਕ ਮਾਮਲਿਆਂ ’ਤੇ ਵੀ ਅਹਿਮ ਮਤੇ ਪਾਸ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਨਾ ਸਿਰਫ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਵੱਡਾ ਹਮਲਾ ਹੈ ਬਲਕਿ ਇਹ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੱਖਾਂ ਨੂੰ ਕਕਾਰਾਂ ਸਮੇਤ ਦੇਸ਼ ਅੰਦਰ ਹਵਾਈ ਸਫ਼ਰ ਕਰਨ ਅਤੇ ਆਪਣੀਆਂ ਧਾਰਮਿਕ ਮਾਨਤਾਵਾਂ ਨਿਭਾਉਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਗੰਭੀਰ ਮਾਮਲੇ ’ਤੇ ਹਰ ਪੱਧਰ ’ਤੇ ਆਵਾਜ਼ ਉਠਾਏਗੀ। ਇਸ ਮਾਮਲੇ ਨੂੰ ਸਰਕਾਰ ਨਾਲ ਵਿਚਾਰਨ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭੇਜਿਆ ਜਾਵੇਗਾ।

Advertisement

Advertisement