ਕਿਸਾਨਾਂ ਦੀ ਖੱਜਲ-ਖੁਆਰੀ ਲਈ ਕੇਂਦਰ ਤੇ ਸੂਬਾ ਸਰਕਾਰਾਂ ਜ਼ਿੰਮੇਵਾਰ
ਸੰਤੋਖ ਗਿੱਲ
ਗੁਰੂਸਰ ਸੁਧਾਰ, 17 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਪੱਖੋਵਾਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚਰਨਜੀਤ ਸਿੰਘ ਫੱਲੇਵਾਲ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਅੱਜ ਇਥੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਭੱਜ ਰਹੀਆਂ ਹਨ ਅਤੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ, ਡੀਏਪੀ ਦੀ ਘਾਟ ਅਤੇ ਪਰਾਲੀ ਦਾ ਸਹੀ ਬੰਦੋਬਸਤ ਨਾ ਕਰਾਉਣ ਲਈ ਸਰਕਾਰ ਦੀਆਂ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਖੇਤੀ ਖੇਤਰ ਵਿੱਚੋਂ ਬਾਹਰ ਕੱਢ ਕੇ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੰਭਾਲਣ ਲਈ ਪੱਬਾਂ ਭਾਰ ਹਨ। ਕਿਸਾਨ ਆਗੂਆਂ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਪਿੰਡ ਨਾਰੰਗਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਦਰਸ਼ਨ ਸਿੰਘ ਫੱਲੇਵਾਲ ਨੇ ਕੀਤੀ।
ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਲਈ ਬਲਾਕ ਦੇ ਪਿੰਡਾਂ ਵਿੱਚ ਇਕਾਈਆਂ ਸਥਾਪਤ ਕਰਨ ਅਤੇ ਮੀਟਿੰਗਾਂ ਦੀ ਵਿਉਂਤਬੰਦੀ ਕੀਤੀ ਗਈ। ਪਿਛਲੇ ਸਮੇਂ ਵਿੱਚ ਜਥੇਬੰਦੀ ਨੂੰ ਛੱਡ ਕੇ ਭਾਕਿਯੂ (ਡੱਲੇਵਾਲ) ਵਿੱਚ ਸ਼ਾਮਲ ਹੋਏ ਸਾਬਕਾ ਬਲਾਕ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ, ਰਣਜੀਤ ਸਿੰਘ ਗੁੱਜਰਵਾਲ, ਰਛਪਾਲ ਸਿੰਘ ਗੁੱਜਰਵਾਲ, ਬਲਵਿੰਦਰ ਸਿੰਘ ਨਾਰੰਗਵਾਲ, ਪਾਲ ਸਿੰਘ, ਮਦਨ ਲਾਲ ਸ਼ਰਮਾ, ਸੁਖਜੀਤ ਸਿੰਘ ਆਸੀ ਕਲਾਂ ਵੱਲੋਂ ਘਰ ਵਾਪਸੀ ਸਮੇਂ ਕਿਸਾਨ ਆਗੂਆਂ ਨੇ ਸਵਾਗਤ ਕੀਤਾ।