ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲਈ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਨਵੰਬਰ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਹਨਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਛਤਰੀ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ।
ਇਸ ਦੀ ਪੁਸ਼ਟੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਇੱਕ-ਦੋ ਦਿਨ ਪਹਿਲਾਂ ਹੀ ਸੁਰੱਖਿਆ ਛੱਤਰੀ ਵਾਪਸ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਭੇਜ ਦਿੱਤੀ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਜੋ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਨਿਜੀ ਸਹਾਇਕ ਰਹਿ ਚੁੱਕੇ ਹਨ ,ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਛੱਤਰੀ ਵਿੱਚ ਕਟੌਤੀ ਕੀਤੀ ਗਈ ਸੀ ਤਾਂ ਉਸ ਵੇਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹਈਆ ਕੀਤੀ ਗਈ ਸੀ।
ਉਹ ਉਸ ਵੇਲੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਜ਼ੈੱਡ ਸ਼੍ਰੇਣੀ ਦੀ ਇਸ ਸੁਰੱਖਿਆ ਵਿੱਚ ਲੱਗਭੱਗ 21 ਸੁਰੱਖਿਆ ਕਰਮਚਾਰੀ ਸ਼ਾਮਿਲ ਸਨ। ਇਹ ਸਾਰੇ ਸੁਰੱਖਿਆ ਕਰਮਚਾਰੀ ਬੀਤੇ ਕੱਲ੍ਹ ਵਾਪਸ ਪਰਤ ਗਏ ਹਨ। ਹੁਣ ਇਸ ਵੇਲੇ ਉਹਨਾਂ ਦੇ ਕੋਲ ਪੰਜਾਬ ਪੁਲੀਸ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਸੁਰੱਖਿਆ ਛਤਰੀ ਵਿੱਚ ਸ਼ਾਮਿਲ ਹਨ।
ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਲਗਭਗ ਦੋ-ਤਿੰਨ ਪੱਤਰ ਭੇਜੇ ਗਏ ਸਨ ।
ਸੁਰੱਖਿਆ ਵਾਪਸ ਕਰਨ ਪਿੱਛੇ ਭਾਵੇਂ ਕੋਈ ਵੱਡਾ ਤੇ ਠੋਸ ਕਾਰਨ ਨਹੀਂ ਸੀ, ਪਰ ਕੇਂਦਰ ਸਰਕਾਰ ਵੱਲੋਂ ਮੁਹਈਆ ਕੀਤੀ ਗਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਉਹਨਾਂ ਦੀ ਨੇੜਤਾ ਕੇਂਦਰ ਸਰਕਾਰ ਨਾਲ ਜੋੜਨ ਅਤੇ ਇਸ ਮਾਮਲੇ ਨੂੰ ਲੈ ਕੇ ਨੁਕਤਾਚੀਨੀ ਕੀਤੇ ਜਾਣਾ ਇਹ ਸੁਰੱਖਿਆ ਛੱਤਰੀ ਵਾਪਸ ਕਰਨ ਦਾ ਇੱਕ ਕਾਰਨ ਬਣਿਆ ਹੋ ਸਕਦਾ ਹੈ।