ਕੇਂਦਰੀ ਪੰਜਾਬੀ ਲੇਖਕ ਸਭਾ ਧਾਰਾ 295 ਮਨਸੂਖ਼ ਕਰਾਉਣ ਦੇ ਹੱਕ ’ਚ ਨਿੱਤਰੀ
ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 25 ਫਰਵਰੀ
ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਸੋਸ਼ਲ ਮੀਡੀਆ ’ਤੇ ਪ੍ਰਤੀਕਰਮ ਦੇਣ ਜਾਂ ਆਪਣੇ ਵਿਚਾਰ ਪੇਸ਼ ਕਰਨ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 295 ਅਤੇ 295-ਏ ਤਹਿਤ ਦਰਜ ਕੀਤੇ ਗਏ ਕੇਸਾਂ ਦੀ ਨਿਖੇਧੀ ਕੀਤੀ ਗਈ ਹੈ।
ਸਭਾ ਵੱਲੋਂ ਇਨ੍ਹਾਂ ਕਾਵਰਾਈਆਂ ਨੂੰ ਵਿਅਕਤੀ ਦੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਗਿਆ ਹੈ। ਸਭਾ ਦੇ ਆਗੂਆਂ ਨੇ ਅੱਜ ਇਥੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਬਹਾਨੇ ਸੰਘੀ ਕੱਟੜ ਫਿਰਕਾਪ੍ਰਸਤ ਤਾਕਤਾਂ ਨਾ ਸਿਰਫ ਵਿਚਾਰਾਂ ਦੇ ਪ੍ਰਗਟਾਅ ਦੀ ਆਜ਼ਾਦੀ ਦਾ ਗਲਾ ਘੁੱਟਣਾ ਚਾਹੁੰਦੀਆਂ ਹਨ, ਸਗੋਂ ਇਕ ਦਹਿਸ਼ਤਜ਼ਦਾ ਮਾਹੌਲ ਵੀ ਸਿਰਜਣਾ ਚਾਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਨਾਲ 106 ਸਾਹਿਤ ਸਭਾਵਾਂ ਤੇ 3000 ਤੋਂ ਵੱਧ ਲੇਖਕ ਜੁੜੇ ਹੋਏ ਹਨ।
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਤਰਕਸ਼ੀਲ ਸੁਸਾਇਟੀ, ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ, ਪੰਜਾਬ ਦੀ ਅਗਵਾਈ ਹੇਠ ਪੰਜਾਬ ਦੀਆਂ ਜੁਝਾਰੂ ਜਥੇਬੰਦੀਆਂ ਵੱਲੋਂ ਜਲੰਧਰ ਵਿੱਚ ਦੇਸ਼ ਭਗਤ ਯਾਦਗਾਰ ਹਾਲ ਵਿੱਚ 27 ਫਰਵਰੀ ਨੂੰ ਕੀਤੀ ਜਾ ਰਹੀ ਕਨਵੈਨਸ਼ਨ ਅਤੇ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਪ੍ਰੋ. ਹਰਜਿੰਦਰ ਸਿੰਘ ਅਟਵਾਲ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਤੇ ਦਫ਼ਤਰ ਸਕੱਤਰ ਦੀਪ ਦਵਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਇਸ ਕਨਵੈਨਸ਼ਨ ਵਿੱਚ ਕੇਂਦਰੀ ਸਭਾ ਦੇ ਸਕੱਤਰ ਸੁਰਿੰਦਪ੍ਰੀਤ ਘਣੀਆਂ ਦੀ ਅਗਵਾਈ ਵਿੱਚ ਸਭਾ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।