ਕੇਂਦਰ ਦੇ ਹਵਾ ਗੁਣਵੱਤਾ ਪੈਨਲ ਨੇ ਪ੍ਰਦੂਸ਼ਣ ਬੋਰਡ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਲਈ ਕਿਹਾ
ਨਵੀਂ ਦਿੱਲੀ, 8 ਅਕਤੂਬਰ
ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐਮ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪ੍ਰਦੂਸ਼ਣ ਕੰਟਰੋਲ ਅਥਾਰਟੀ ਨੂੰ ਪ੍ਰਦੂਸ਼ਣ ਵਧਣ ਨਾਲ ਸਬੰਧਤ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋਣ ’ਤੇ ਰਾਜਧਾਨੀ ਨਿਵਾਸੀਆਂ ਨੂੰ ਧੂੰਏਂ ਤੇ ਪ੍ਰਦੂਸ਼ਣ ਨਾਲ ਜੂਝਣਾ ਪੈਂਦਾ ਹੈ। ਇਸ ਮੌਸਮ ਦੌਰਾਨ ਦਿੱਲੀ ਤੇ ਆਸ ਪਾਸ ਦੇ ਖੇਤਰ ਵਿਚ ਧੂੰਏਂ ਦੀ ਪਰਤ ਕਈ ਕਈ ਦਿਨਾਂ ਤਕ ਛਾਈ ਰਹਿੰਦੀ ਹੈ ਜਿਸ ਕਾਰਨ ਸਾਹ ਦੇ ਮਰੀਜ਼ ਤੇ ਬਜ਼ੁਰਗ ਕਈ ਕਈ ਦਿਨਾਂ ਤਕ ਆਪਣੇ ਘਰਾਂ ਵਿਚ ਹੀ ਰਹਿਣ ਲਈ ਮਜਬੂਰ ਰਹਿੰਦੇ ਹਨ। ਇਸ ਤੋਂ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਦੀ ਝਾੜਝੰਬ ਕੀਤੀ ਸੀ। ਸਰਵਉਚ ਅਦਾਲਤ ਨੇ ਕਿਹਾ ਕਿ ਉਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਤੋਂ ਬਾਅਦ ਹਵਾ ਦਾ ਮਿਆਰ ਜਾਂਚਣ ਵਾਲੇ ਵਿਭਾਗ ਨੇ ਆਪਣੇ ਅਧੀਨ ਆਉਂਦੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।