ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਮਸਲੇ ਵਿਚਾਰੇ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਨਵੰਬਰ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇੱਥੇ ਪ੍ਰਮੁੱਖ ਸਿੱਖ ਸਖ਼ਸ਼ੀਅਤਾਂ, ਵਿਦਵਾਨਾਂ ਅਤੇ ਸਮਾਜਿਕ ਆਗੂਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਘੱਟ ਗਿਣਤੀਆਂ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦਿਆਂ ਘੱਟ ਗਿਣਤੀਆਂ ਪ੍ਰਤੀ ਕੀਤੇ ਜਾ ਰਹੇ ਕੰਮਾਂ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ।
ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ, ਸੁਨੀਲ ਮਲਹੋਤਰਾ, ਅਵੀ ਮਲਹੋਤਰਾ ਅਤੇ ਹਰਮੀਤ ਸਿੰਘ ਅਵੀ ਵੱਲੋਂ ਰੱਖੀ ਮੀਟਿੰਗ ਦੌਰਾਨ ਸ: ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਸਾਡਾ ਮੁੱਖ ਮਕਸਦ ਹੈ। ਉਨ੍ਹਾਂ ਮੀਟਿੰਗ ਦੌਰਾਨ ਹਾਜ਼ਰ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਭਾਈਚਾਰਿਆਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਅਤੇ ਸਦਭਾਵਨਾ ਨੂੰ ਵਧਾਉਣ। ਗੁਰਦੀਪ ਸਿੰਘ ਗੋਸ਼ਾ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਨੇ ਇਕਬਾਲ ਸਿੰਘ ਲਾਲਪੁਰਾ ਦਾ ਸਵਾਗਤ ਕੀਤਾ।