ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਅਹੁਦੇ ਸੰਭਾਲੇ
ਪੱਤਰ ਪ੍ਰੇਰਕ
ਜਲਾਲਾਬਾਦ, 6 ਜੂਨ
ਇੱਥੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਤੇ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸਿੰਘ ਬਣ ਗਏ ਹਨ। ਅੱਜ ਇਨ੍ਹਾਂ ਦੋਵਾਂ ਨੇ ਮਾਰਕੀਟ ਕਮੇਟੀ ਜਲਾਲਾਬਾਦ ਵਿੱਚ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦਾ ਧੰਨਵਾਦ ਕੀਤਾ। ਇਸ ਮੌਕੇ ਅਰਨੀ ਵਾਲਾ ਤੋਂ ਵੱਖ ਵੱਖ ਸਮਾਜਸੇਵੀ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਜਿੱਥੇ ਕੁਲਦੀਪ ਸਿੰਘ ਨੂੰ ਵਧਾਈ ਦਿੱਤੀ, ਉਥੇ ਹੀ ਜਲਾਲਾਬਾਦ ਸ਼ਹਿਰ ਦੀਆਂ ਲਗਭਗ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੇ ਦੇਵ ਰਾਜ ਸ਼ਰਮਾ ਦੀ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟਾਈ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ-ਵੱਡੇ ਅਹੁਦੇ ਦਿੱਤੇ ਜਾਂਦੇ ਹਨ ਅਤੇ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਚੇਅਰਮੈਨਾਂ ਦੀ ਸੂਚੀ ਵਿਚ ਇਹ ਰਵਾਇਤ ਵੇਖਣ ਨੂੰ ਮਿਲੀ ਹੈ ਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਨੇ ਕਿਸੇ ਵੀ ਤਰ੍ਹਾਂ ਦੇ ਪੈਰਾਸ਼ੂਟ ਨਾਲ ਉਮੀਦਵਾਰ ਨਹੀਂ ਉਤਾਰੇ ਬਲਕਿ ਹੋਣਹਾਰ ਵਿਅਕਤੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ।