For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਦੇ 12 ਫੀਸਦੀ ਡੀਏ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ

07:32 AM Jul 03, 2024 IST
ਮੁਲਾਜ਼ਮਾਂ ਦੇ 12 ਫੀਸਦੀ ਡੀਏ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਦੇ ਹੋਏ ਸਾਂਝਾ ਫਰੰਟ ਦੇ ਆਗੂ।
Advertisement

ਹਤਿੰਦਰ ਮਹਿਤਾ
ਜਲੰਧਰ, 2 ਜੁਲਾਈ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ 17 ਮੈਂਬਰੀ ਵਫ਼ਦ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਸਾਂਝੇ ਫਰੰਟ ਵੱਲੋਂ 6 ਜੁਲਾਈ ਨੂੰ ਜਲੰਧਰ ਸ਼ਹਿਰ ਵਿੱਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਝੰਡਾ ਮਾਰਚ ਨੂੰ 25 ਜੁਲਾਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬ੍ਰਮ ਸ਼ੰਕਰ ਜਿੰਪਾ, ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਰਵੀ ਭਗਤ, ਮੁੱਖ ਸਕੱਤਰ ਅਨੁਰਾਗ ਵਰਮਾ, ਐਡਵੋਕੇਟ ਜਨਰਲ ਗੁਰਮਿੰਦਰ ਸਿੰਘ, ਵਧੀਕ ਪ੍ਰਿੰਸੀਪਲ ਸਕੱਤਰ ਹਿਮਾਂਸ਼ੂ ਜੈਨ, ਚੀਫ ਪ੍ਰਿੰਸੀਪਲ ਸਕੱਤਰ ਵਿਜੋਏ ਕੁਮਾਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਸ਼ਾਮਲ ਸਨ।
ਮੀਟਿੰਗ ਵਿਚ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੇ ਰਹਿੰਦੇ ਬਕਾਇਆਂ ਬਾਰੇ, ਪੇਂਡੂ ਭੱਤੇ ਸਮੇਤ ਕੱਟੇ ਗਏ ਹੋਰ ਭੱਤਿਆਂ ਅਤੇ 12 ਫੀਸਦੀ ਡੀਏ ਬਾਰੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ ਤੇ ਇਸ ਦਾ ਐਲਾਨ 25 ਜੁਲਾਈ ਦੀ ਮੀਟਿੰਗ ਦੌਰਾਨ ਕੀਤਾ ਜਾਵੇਗਾ। ਮੀਟਿੰਗ ਸ਼ੁਰੂ ਕਰਦਿਆਂ ਸਾਂਝੇ ਫਰੰਟ ਨੇ ਮੁੱਖ ਮੰਤਰੀ ਨਾਲ ਇਤਰਾਜ਼ ਸਾਂਝਾ ਕੀਤਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਤਾਂ ਦੂਰ ਸਗੋਂ ਵਾਰ-ਵਾਰ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗਾਂ ਕਰਨ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਇਸ ਬਾਰੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਰਾਣੀ ਪੈਨਸ਼ਨ ਨੂੰ ਹਰ ਹਾਲਤ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਇਸ ਮੁੱਦੇ ਨੂੰ ਸੰਸਦ ਵਿੱਚ ਵੀ ਚੁੱਕਣਗੇ। ਮੰਗ ਪੱਤਰ ਵਿਚਲੀਆਂ ਹੋਰ ਮੰਗਾਂ ਨੂੰ ਧਿਆਨ ਨਾਲ ਪੜ੍ਹਨ ਉਪਰੰਤ ਮੁੱਖ ਮੰਤਰੀ ਨੇ ਮੰਨਿਆ ਕਿ ਇਹ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਇਨ੍ਹਾਂ ਦਾ ਹੱਲ ਕੱਢਣ ਲਈ ਵਿਸ਼ੇਸ਼ ਅਤੇ ਲੰਬੀ ਮੀਟਿੰਗ ਦੀ ਲੋੜ ਹੈ, ਜੋ 25 ਜੁਲਾਈ ਨੂੰ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ। ਮੀਟਿੰਗ ਉਪਰੰਤ ਸਾਂਝੇ ਫਰੰਟ ਵੱਲੋਂ ਆਪਣੀ ਸੰਖੇਪ ਬੈਠਕ ਕੀਤੀ ਗਈ। ਮੁੱਖ ਮੰਤਰੀ ਦੇ ਭਰੋਸੇ ਮਗਰੋਂ ਸਾਂਝੇ ਫਰੰਟ ਵੱਲੋਂ 6 ਜੁਲਾਈ ਨੂੰ ਜਲੰਧਰ ਸ਼ਹਿਰ ਵਿੱਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਝੰਡਾ ਮਾਰਚ ਨੂੰ 25 ਜੁਲਾਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਸਾਂਝੇ ਫਰੰਟ ਦੇ ਵਫ਼ਦ ਵਿੱਚ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ ਮੋਲੋਵਾਲੀ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾਂ, ਭਜਨ ਸਿੰਘ ਗਿੱਲ, ਸੁਖਦੇਵ ਸਿੰਘ ਸੈਣੀ, ਐਨਕੇ ਕਲਸੀ, ਬਾਜ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਜਗਦੀਸ਼ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਨਵਪ੍ਰੀਤ ਸਿੰਘ ਬੱਲੀ, ਰਾਧੇ ਸ਼ਿਆਮ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ ਅਤੇ ਕੁਲਦੀਪ ਸਿੰਘ ਵਾਲੀਆ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×