For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ

06:37 AM Jul 10, 2024 IST
ਮੁੱਖ ਮੰਤਰੀ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ
ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

* ਸ਼ਹੀਦ ਦਾ ਦਰਜਾ ਦਿਵਾਉਣ ਲਈ ਵਿਧਾਨ ਸਭਾ ਇਜਲਾਸ ’ਚ ਮਤਾ ਲਿਆਉਣ ਦਾ ਵਾਅਦਾ
* ਕਿਸਾਨਾਂ ਵੱਲੋਂ ਬਠਿੰਡਾ ਦੇ ਡੀਸੀ ਤੇ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਰੱਦ

Advertisement

ਆਤਿਸ਼ ਗੁਪਤਾ/ਗੁਰਨਾਮ ਸਿੰਘ ਅਕੀਦਾ
ਚੰਡੀਗੜ੍ਹ/ਪਟਿਆਲਾ, 9 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ-ਪੱਤਰ ਦੇ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਵਿਧਾਨ ਸਭਾ ਇਜਲਾਸ ਦੌਰਾਨ ਮਤਾ ਲਿਆਉਣ ਦਾ ਵਾਅਦਾ ਵੀ ਕੀਤਾ ਗਿਆ। ਉਧਰ, ਕਿਸਾਨ ਜਥੇਬੰਦੀਆਂ ਨੇ ਇਹ ਮੰਗਾਂ ਮੰਨੇ ਜਾਣ ਮਗਰੋਂ 12 ਜੁਲਾਈ ਨੂੰ ਬਠਿੰਡਾ ਦੇ ਡੀਸੀ ਤੇ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਦਿੱਲੀ ਕੂਚ ਸਮੇਂ 21 ਫਰਵਰੀ ਨੂੰ ਹਰਿਆਣਾ ਸਰਕਾਰ ਦੀ ਗੋਲੀ ਨਾਲ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦਾਖ਼ਿਲਾਫ਼ੀ ਵਿਰੁੱਧ ਦੋਵਾਂ ਜਥੇਬੰਦੀਆਂ ਵੱਲੋਂ 12 ਜੁਲਾਈ ਨੂੰ ਡੀਸੀ ਤੇ ਐੱਸਐੱਸਪੀ ਦਫ਼ਤਰ ਬਠਿੰਡਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਕਰਵਾਈ ਗਈ। ਮੁੱਖ ਮੰਤਰੀ ਨੇ ਸ਼ਹੀਦ ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੂੰ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਲਿਆ ਕੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦਾ ਵਾਅਦਾ ਵੀ ਕੀਤਾ ਗਿਆ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਨੇ ਖਨੌਰੀ ਸਰਹੱਦ ’ਤੇ ਕਿਸਾਨ ਸੰਘਰਸ਼ ਦੌਰਾਨ ਗੋਲੀਬਾਰੀ ਵਿੱਚ ਸ਼ਹਾਦਤ ਦਿੱਤੀ ਹੈ। ਇਸ ਘਟਨਾ ਨੇ ਸਮੂਹ ਪੰਜਾਬੀਆਂ ਨੂੰ ਠੇਸ ਪਹੁੰਚਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ’ਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ, ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ। ਮੁੱਖ ਮੰਤਰੀ ਨਾਲ ਮੀਟਿੰਗ ਮੌਕੇ ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ ਆਦਿ ਆਗੂ ਮੌਜੂਦ ਸਨ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦ ਸ਼ੁਭਕਰਨ ਸਿੰਘ ਦੇ ਨਾਮ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਅਤੇ ਪਿੰਡ ਦੇ ਸਕੂਲ ਨੂੰ ਅੱਪਗਰੇਡ ਕਰਨ ਅਤੇ ਮੇਨ ਸੜਕ ਤੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਘਰ ਤੱਕ ਪੱਕੀ ਸੜਕ ਬਣਾਉਣ ਦਾ ਵਾਅਦਾ ਵੀ ਕੀਤਾ ਹੈ।

Advertisement

Advertisement
Tags :
Author Image

joginder kumar

View all posts

Advertisement