For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਵੱਲੋਂ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

07:31 AM Jan 28, 2024 IST
ਮੁੱਖ ਮੰਤਰੀ ਵੱਲੋਂ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਸੜਕ ਸੁਰੱਖਿਆ ਫੋਰਸ ਦੇ ਆਗਾਜ਼ ਮੌਕੇ ਪੁਲੀਸ ਵੈਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਹਤਿੰਦਰ ਮਹਿਤਾ
ਜਲੰਧਰ, 27 ਜਨਵਰੀ
ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇੱਥੋਂ ਦੇ ਪੀਏਪੀ ਗਰਾਊਂਡ ’ਚ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲੀਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਐੱਸਐੱਸਐੱਫ ਆਮ ਵਿਅਕਤੀ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਹੁਣ ਤੋਂ ਐੱਸਐੱਸਐੱਫ ਦੇ ਕੰਮਕਾਜ ਦੀ ਪੜਚੋਲ ਕਰਨ ਲਈ ਹਰ ਮਹੀਨੇ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਵੇਗਾ ਤੇ ਹਰ ਮਹੀਨੇ ਬਾਅਦ ਅੰਕੜੇ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਲਈ ਵੀ ਪੁਆਇੰਟਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਾਰ-ਵਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਕੇ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਲੜਕੀਆਂ ਪੁਲੀਸ ਫੋਰਸ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਐੱਸਐੱਸਐੱਫ ਦੇ ਵਾਹਨਾਂ ਦੇ 90 ਡਰਾਈਵਰ ਵੀ ਲੜਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ 65 ਫੀਸਦ ਮੌਤਾਂ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਾਪਰਦੇ ਹਾਦਸਿਆਂ ’ਚ ਹੁੰਦੀਆਂ ਹਨ। ਇਸ ਮੌਕੇ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਐੱਮਐੱਫ ਫਾਰੂਕੀ ਅਤੇ ਏਐੱਸ ਰਾਏ ਵੀ ਮੌਜੂਦ ਸਨ।

Advertisement

ਜਲੰਧਰ ਵਿੱਚ ਐੱਸਐੱਸਐੱਫ ਦੇ ਰੂਟ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਸਰਬਜੀਤ ਸਿੰਘ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਰੋਕਣ ਲਈ 129 ਪੈਟਰੋਲਿੰਗ ਵਾਹਨ ਰਹਿਣਗੇ ਤਾਇਨਾਤ

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਲਈ ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ 129 ਪੈਟਰੋਲਿੰਗ ਵਾਹਨ ਇਨ੍ਹਾਂ ਰੂਟਾਂ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਢੁੱਕਵੀਂ ਸਿਖਲਾਈ ਦਿੱਤੀ ਗਈ ਹੈ, ਨੂੰ ਸੜਕ ਸੁਰੱਖਿਆ ਫੋਰਸ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਐੱਸਐੱਸਐੱਫ ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ ’ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ।

Advertisement
Author Image

sukhwinder singh

View all posts

Advertisement
Advertisement
×