For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੇ ਨਵਜੰਮੀ ਧੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ

07:33 AM Apr 27, 2024 IST
ਮੁੱਖ ਮੰਤਰੀ ਨੇ ਨਵਜੰਮੀ ਧੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ
ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਬੇਟੀ ਨਿਆਮਤ ਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਇੱਥੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ ਕੀਤਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।
ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਤੇ ਰੰਗਲਾ ਪੰਜਾਬ ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕ ਸ਼ਾਂਤੀ ਤੇ ਮਿਲਜੁਲ ਕੇ ਰਹਿੰਦੇ ਹਨ ਤੇ ਗੁਰਪੁਰਬ, ਈਦ ਅਤੇ ਰਾਮ ਨੌਮੀ ਵਰਗੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ। ਉਨ੍ਹਾਂ ਅੱਜ ਗੁਰੂ ਚਰਨਾਂ ਵਿਚ ਇਹੀ ਅਰਦਾਸ ਕੀਤੀ ਹੈ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਰੰਗਲੇ ਪੰਜਾਬ ਦੇ ਕੁਝ ਰੰਗ ਨਜ਼ਰ ਆਉਣ ਲੱਗ ਪਏ ਹਨ ਅਤੇ ਬਾਕੀ ਹੋਰ ਰੰਗਾਂ ਵੀ ਜਲਦੀ ਸਾਹਮਣੇ ਆਉਣਗੇ। ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਪੜ੍ਹ-ਲਿਖ ਕੇ ਵਿਦੇਸ਼ ਜਾਣ ਦੀ ਥਾਂ ਪੰਜਾਬ ’ਚ ਕੰਮ ਤੇ ਨੌਕਰੀਆਂ ਕਰਨ ਅਤੇ ਸ਼ਾਮ ਨੂੰ ਆਪਣੇ ਪਰਿਵਾਰ ਵਿਚ ਆ ਕੇ ਰਹਿਣ। ਸੂਬੇ ਦੇ ਨੌਜਵਾਨ ਵਿਦੇਸ਼ ਘੁੰਮਣ ਵਾਸਤੇ ਜ਼ਰੂਰ ਜਾਣ ਪਰ ਕੰਮ ਆਪਣੇ ਸੂਬੇ ਵਿਚ ਹੀ ਕਰਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਲੋਕ ਸਭਾ ਚੋਣ ਲਈ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਉਹ ਮਗਰੋਂ ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਲਈ ਵੀ ਗਏ।

Advertisement

ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੋਡ ਸ਼ੋਅ

ਜਲੰਧਰ (ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਰ ਸ਼ਾਮ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਰੋਡ ਸ਼ੋਅ ਕਰ ਕੇ ਵੋਟਾਂ ਮੰਗੀਆਂ। ਇਹ ਰੋਡ ਸ਼ੋਅ ਅੱਜ ਬਾਅਦ ਦੁਪਹਿਰ ਲਵਕੁਸ਼ ਚੌਕ ਤੋਂ ਸ਼ੁਰੂ ਹੋਣਾ ਸੀ ਜੋ ਸ਼ਾਮ ਸੱਤ ਵਜੇ ਸ਼ੁਰੂ ਹੋਇਆ। ਇਸ ਦੌਰਾਨ ਭਗਵੰਤ ਮਾਨ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਚਾਚੇ, ਜੀਜਾ ਤੇ ਰਿਸ਼ਤੇਦਾਰਾਂ ਦੀ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦੇ ਹੋਏ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਦੀ ਵੋਟਿੰਗ ਖਤਮ ਹੁੰਦੇ ਹੀ ਪ੍ਰਧਾਨ ਮੰਤਰੀ ਦਾ ਲਹਿਜ਼ਾ ਬਦਲ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਲੋਕ ਉਨ੍ਹਾਂ ਦੇ ਕੰਮ ਤੋਂ ਕਾਫੀ ਨਿਰਾਸ਼ ਹਨ ਤੇ ਕੇਂਦਰ ਸਰਕਾਰ ਵਿਰੋਧੀਆਂ ਨੂੰ ਗਲਤ ਢੰਗ ਨਾਲ ਜੇਲ੍ਹਾਂ ਵਿਚ ਸੁੱਟ ਰਹੀ ਹੈ ਤਾਂ ਕਿ ਉਹ ਚੋਣ ਪ੍ਰਚਾਰ ਵਿਚ ਹਿੱਸਾ ਨਾ ਲੈ ਸਕਣ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਵਿਚ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਰਿੰਕੂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਸੀ ਉਸ ਨੂੰ ਮੂੰਹ ਨਹੀਂ ਲਗਾਉਣਗੇ ਤੇ ਉਸ ਨੂੰ ਕਦੇ ਵੀ ਲੋਕ ਸਭਾ ਵਿਚ ਨਹੀਂ ਭੇਜਣਗੇ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਆਦਿ ਨੇ ਸੰਬੋਧਨ ਕੀਤਾ।

ਪੂਸਾ-44 ਹੇਠਲਾ ਰਕਬਾ ਘਟਣ ਨਾਲ 477 ਕਰੋੜ ਦੀ ਬਿਜਲੀ ਬਚੀ: ਭਗਵੰਤ ਮਾਨ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਸਲਾਹ ’ਤੇ ਅਮਲ ਕਰਨ ਅਤੇ ਪਿਛਲੇ ਸੀਜ਼ਨ ਵਿੱਚ ਪੂਸਾ-44 ਕਿਸਮ ਦੇ ਝੋਨੇ ਦੀ ਕਾਸ਼ਤ ਨਾ ਕਰਨ ਲਈ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਸਾ-44 ਅਧੀਨ ਰਕਬਾ ਘੱਟ ਹੋਣ ਕਾਰਨ 477 ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਈ ਅਤੇ ਇਸ ਨਾਲ ਧਰਤੀ ਹੇਠਲੇ ਪੰਜ ਅਰਬ ਕਿਊਸਿਕ ਪਾਣੀ ਦੀ ਵੀ ਬੱਚਤ ਹੋਈ। ਮਾਨ ਨੇ ਕਿਹਾ ਕਿ ਉਹ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਪੂਸਾ-44 ਦੀ ਬਿਜਾਈ ਬਿਲਕੁਲ ਨਾ ਕਰਨ। ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਪੀਆਰ-126 ਤੋਂ 130 ਅਤੇ ਬਾਸਮਤੀ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ। ਮੁੱਖ ਮੰਤਰੀ ਨੇ ਅੱਜ ਲਾਈਵ ਦੌਰਾਨ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਤੋਂ ਪਹਿਲਾਂ ਉਨ੍ਹਾਂ ਕਿਸਾਨਾਂ ਨੂੰ ਪੂਸਾ-44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਸੀ ਜਿਸ ਨੂੰ ਤਿਆਰ ਹੋਣ ਵਿੱਚ 150 ਤੋਂ ਵੱਧ ਦਿਨ ਲੱਗ ਜਾਂਦੇ ਹਨ ਅਤੇ ਪਰਾਲੀ ਵੀ ਵੱਧ ਪੈਦਾ ਹੁੰਦੀ ਹੈ। ਉਨ੍ਹਾਂ ਦੀ ਇੱਕ ਬੇਨਤੀ ਤੋਂ ਬਾਅਦ, ਪੂਸਾ-44 ਅਧੀਨ ਰਕਬਾ 50 ਫ਼ੀਸਦੀ ਘਟ ਗਿਆ ਸੀ। ਪੂਸਾ-44 ਦੀ ਬਜਾਏ ਕਿਸਾਨਾਂ ਨੇ ਪੀਆਰ-126, ਪੀਆਰ-127, ਪੀਆਰ-128, ਪੀਆਰ-129 ਅਤੇ ਪੀਆਰ-130 ਕਿਸਮਾਂ ਦੀ ਬਿਜਾਈ ਕੀਤੀ। ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧੀਆ ਮੁੱਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਅਤੇ ਕਿਸਾਨਾਂ ਦੀ ਸਰਕਾਰ ਹੈ।

Advertisement
Author Image

joginder kumar

View all posts

Advertisement
Advertisement
×